
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗਲੀਆਂ ਵਿਧਾਨ ਸਭਾ ਚੋਣਾ ਵਿਚ ਲੋਕਾਂ ਦੇ ਦਿਲਾਂ ਨੂੰ ਜਿੱਤਣ ਦੀ ਕੋਸ਼ਿਸ਼ ਕਰਦਿਆਂ ਅੱਜ ਆਪਣਾ ਚੋਣ ਮੈਨੀਫੈਸਟੋ ਰਿਲੀਜ਼ ਕੀਤਾ, ਜਿਸ ਵਿਚ ਕਿਸਾਨਾਂ, ਗਰੀਬਾਂ, ਸਨਅਤਾਂ ਅਤੇ ਹੋਰ ਖੇਤਰਾਂ ਦੇ ਵੋਟਰਾਂ ਨੂੰ ਭਰਮਾਉਣ ਲਈ ਵੱਖ ਵੱਖ ਯੋਜਨਾਵਾਂ ਦਾ ਵਾਅਦਾ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੁਧਿਅਾਣਾ ਵਿਖੇ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿਚ ਵਾਅਦਾ ਕੀਤਾ ਗਿਆ ਕਿ ਜੇਕਰ ਅਗਲੀਆਂ ਵਿਧਾਨ ਸਭਾ ਚੋਣਾ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਸਾਰੇ ਛੋਟੇ ਕਿਸਾਨਾਂ ਦੇ ਕਰਜੇ ਮੁਆਫ ਕੀਤੇ ਜਾਣਗੇ ਅਤੇ ਕਣਕ ਅਤੇ ਝੋਨੇ ਦੀ ਫਸਲ ‘ਤੇ 100 ਰੁਪਏ ਪ੍ਰਤੀ ਕੁਇੰਟਲ ਇੰਸੈਂਟਿਵ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਰੇ ਛੋਟੇ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜਾ ਦੇਣ ਦਾ ਵੀ ਵਾਅਦਾ ਕੀਤਾ ਗਿਆ। ਇਸੇ ਤਰਾਂ ਸਾਰੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਅਤੇ ਰੋਜ਼ਾਨਾ ਘੱਟੋ ਘੱਟ 10 ਘੰਟੇ ਬਿਜਲੀ ਸਪਲਾਈ ਦੇਣ ਦਾ ਵੀ ਵਾਅਦਾ ਕੀਤਾ ਗਿਆ। ਚੋਣ ਮੈਨੀਫੈਸਟੋ ਵਿਚ 10 ਲੱਖ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਲਈ 25 ਹਜਾਰ ਸਕਿੱਲ ਸੈਂਟਰ ਖੋਲ੍ਹਣ, ਰੋਜਗਾਰ ਚਲਾਉਣ ਲਈ 10 ਲੱਖ ਰੁਪਏ ਤੱਕ ਦਾ ਵਿਆਜਮੁਕਤ ਕਰਜਾ ਮੁਹਈਆ ਕਰਵਾਉਣ, 20 ਲੱਖ ਨੌਕਰੀਆਂ ਦੇ ਮੌਕੇ ਮੁਹਈਆ ਕਰਵਾਉਣ, ਸਾਰੀਆਂ ਪੱਛੜੀਆਂ ਸ੍ਰੈਣੀਆਂ ਨੂੰ ਅਨੁਸੂਚਿਤ ਜਾਤੀਆਂ ਵਾਲੀਆਂ ਸਹੂਲਤਾਂ ਦੇਣ, ਬੁਢਾਪਾ ਪੈਨਸ਼ਨ 500 ਰੁਪਏ ਤੋਂ ਵਧਾ ਕੇ 2000 ਰੁਪਏ ਮਹੀਨਾ ਕਰਨ, ਸ਼ਗਨ ਸਕੀਮ 15000 ਤੋਂ ਵਧਾ ਕੇ 51 ਹਜਾਰ ਰੁਪਏ ਕਰਨ, ਸਾਰੇ ਨੀਲੇ ਕਾਰਡਾਂ ਵਾਲਿਆਂ ਨੂੰ ਮੁਫਤ ਗੈਸ ਕੁਨੈਕਸ਼ਨ ਦੇਣ ਸਮੇਤ ਵੱਖ ਵੱਖ ਸ੍ਰੈਣੀਆਂ ਦੇ ਵੋਟਰਾਂ ਨੂੰ ਲੁਭਾਵਣੇ ਵਾਅਦੇ ਕੀਤੇ ਗਏ। ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿਚ ਅਕਾਲੀ ਭਾਜਪਾ ਸਰਕਾਰ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ।