
ਚੰਡੀਗੜ, 30 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਉੱਤੇ ਦੋਸ਼ ਲਾਇਆ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਸਵਿਸ ਬੈਂਕ ਖਾਤੇ ਵਾਲੇ ਮਾਮਲੇ ’ਚ ਬਚਾ ਰਹੇ ਹਨ।
ਆਮ ਆਦਮੀ ਪਾਰਟੀ ਦੀ ਚੋਣ-ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮਾਮਲੇ ’ਤੇ ਜੇਟਲੀ ਨੇ ਕੁਝ ਨਰਮ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਅਤੇ ਕੇਵਲ ਫੋਕੀ ਸ਼ੋਹਰਤ ਖੱਟਣ ਲਈ ਉਹ ਆਪਣੇ ਚੋਣ ਭਾਸ਼ਨਾਂ ਵਿੱਚ ਕੈਪਟਨ ਉੱਤੇ ਦੋਸ਼ ਲਾ ਰਹੇ ਹਨ। ਉਨਾਂ ਕਿਹਾ ਕਿ ਇੱਕ ਪਾਸੇ ਤਾਂ ਜੇਟਲੀ ਇਹ ਦਾਅਵਾ ਕਰ ਰਹੇ ਹਨ ਕਿ ਕੇਂਦਰ ਸਰਕਾਰ ਕੋਲ ਅਮਰਿੰਦਰ ਦੇ ਸਵਿੱਸ ਬੈਂਕ ਖਾਤੇ ਦੇ ਸਬੂਤ ਹਨ ਪਰ ਨਾਲ ਹੀ ਦੂਜੇ ਪਾਸੇ ਉਹ ਕੋਈ ਕਾਰਵਾਈ ਵੀ ਨਹੀਂ ਕਰ ਰਹੇ। ਜੇ ਜੇਟਲੀ ਕੋਲ ਅਜਿਹਾ ਕੋਈ ਸਬੂਤ ਹੈ, ਤਾਂ ਉਨਾਂ ਨੂੰ ਕੈਪਟਨ ਅਮਰਿੰਦਰ ਨੂੰ ਗਿ੍ਰਫ਼ਤਾਰ ਕਰਨ ਤੋਂ ਰੋਕਿਆ ਕਿਸ ਨੇ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਾਂ ਸਵਿੱਸ ਬੈਂਕ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਖਾਤੇ ਨੰਬਰ ਤੱਕ ਵੀ ਜੱਗ ਜ਼ਾਹਿਰ ਕੀਤੇ ਹੋਏ ਹਨ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਇਸ ਵੇਲੇ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਭ ਇੱਕਜੁਟ ਹੋ ਚੁੱਕੀਆਂ ਹਨ ਅਤੇ ਇੱਕ-ਦੂਜੇ ਦੇ ਆਗੂਆਂ ਨੂੰ ਬਚਾ ਰਹੇ ਹਨ। ਉਨਾਂ ਕਿਹਾ ਕਿ ਭਾਜਪਾ ਦਰਅਸਲ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਕੋਈ ਕਾਰਵਾਈ ਕਰਨਾ ਹੀ ਨਹੀਂ ਚਾਹੁੰਦੀ। ਸ਼੍ਰੋਮਣੀ ਅਕਾਲੀ ਦਲ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਨੂੰ ‘ਸਾਫ਼ ਬਰੀ’ ਕਰ ਚੁੱਕਾ ਹੈ ਅਤੇ ਬਦਲੇ ਵਿੱਚ ਕੈਪਟਨ ਵੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਮਦਦ ਕਰ ਰਹੇ ਹਨ। ਉਨਾਂ ਕਿਹਾ ਕਿ ਜੇਟਲੀ ਨੂੰ ਲੋਕਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇ ਉਨਾਂ ਕੋਲ ਸੱਚਮੁਚ ਕੋਈ ਸਬੂਤ ਹੈ, ਤਾਂ ਉਹ ਕੈਪਟਨ ਨੂੰ ਗਿ੍ਰਫ਼ਤਾਰ ਕਰਨ ਤੋਂ ਝਿਜਕ ਕਿਉ ਰਹੇ ਹਨ।
ਮਾਨ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਜਿਸ ਨੇ ਅੱਜ ਅੰਮਿ੍ਰਤਸਰ ’ਚ ਇੱਕ ਰੈਲੀ ਨੂੰ ਸੰਬੋਧਨ ਕੀਤਾ, ਨੇ ਇੱਕ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਤੇ ਉਸ ਵਿਰੁੱਧ ਭਿ੍ਰਸ਼ਟਾਚਾਰ ਦੇ ਮਾਮਲਿਆਂ ਦਾ ਕੋਈ ਜ਼ਿਕਰ ਨਹੀਂ ਕੀਤਾ ਅਤੇ ਆਪਣਾ ਸਾਰਾ ਭਾਸ਼ਣ ਅਰਵਿੰਦ ਕੇਜਰੀਵਾਲ ਨੂੰ ਸਮਰਪਿਤ ਕਰ ਦਿੱਤਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਵਿੱਚ ਆਪਣੀਆਂ ਪਿਛਲੀਆਂ ਦੋ ਰੈਲੀਆਂ ਦੌਰਾਨ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਹੀ ਨਿਸ਼ਾਨਾ ਬਣਾਇਆ ਸੀ। ਕੀ ਇਹ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਭਾਜਪਾ ਆਗੂ ਆਖ਼ਰ ਕਾਂਗਰਸੀ ਆਗੂਆਂ ’ਤੇ ਕੋਈ ਉਂਗਲ ਉਠਾਉਣ ਤੋਂ ਕਿਉ ਨਾਕਾਮ ਰਹੇ ਹਨ?
ਮਾਨ ਨੇ ਇਹ ਵੀ ਕਿਹਾ ਕਿ ਮੋਦੀ ਅਤੇ ਸ਼ਾਹ ਨੇ ਇਹ ਮੁੱਦਾ ਵੀ ਉਠਾਇਆ ਸੀ ਕਿ ਦੇਸ਼ ਦੀ ਸੁਰੱਖਿਆ ਲਈ ਲੋਕ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਾ ਸਾਥ ਦੇਣ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਗ਼ੁਲਾਮ ਨਹੀਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਪਣੇ ਭਿ੍ਰਸ਼ਟ ਸ਼ਾਸਨ ਨੂੰ ਬਰਦਾਸ਼ਤ ਕਰਦੇ ਰਹਿਣ ਲਈ ਲੋਕਾਂ ਉੱਤੇ ਕੋਈ ਦਬਾਅ ਨਹੀਂ ਪਾ ਸਕਦੇ। ਗੱਠਜੋੜ ਸਰਕਾਰ ਨੇ ਪਿਛਲੇ 10 ਵਰਿਆਂ ਦੌਰਾਨ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਅਤੇ ਬਾਦਲ ਦੇ ਪਰਿਵਾਰਕ ਮੈਂਬਰ ਮਾਫ਼ੀਆ ਡੌਨ ਬਣ ਚੁੱਕੇ ਹਨ।