ਮੁਹਾਲੀ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਆਹੁਦੇ ਦੇ ਉਮੀਦਵਾਰ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਅੱਜ ਉਸ ਵੇਲੇ ਦੂਰ ਹੋ ਗਈ ਜਦੋਂ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸਪਸ਼ਟ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ‘ਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਹੋਣਗੇ।
ਅੱਜ ਇਥੇ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਵਧੀਆ ਪ੍ਰਬੰਧ ਲੈ ਕੇ ਆਵੇਗੀ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਰਵਿੰਦ ਕੇਜਰੀ ਵਾਲ ਨੂੰ ਮੁੱਖ ਮੰਤਰੀ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ। ਉਨ੍ਹਾਂ ਨੇ ਕਿਹਾ ਕਿ ਆਪ ਵਲੋਂ ਕੀਤੇ ਜਾ ਰਹੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੇ ਪੰਜਾਬ ਵਿਚ ਅਕਾਲੀ ਸਰਕਾਰ ਵਲੋਂ ਫੈਲਾਏ ਗਏ ਭਰਿਸ਼ਟਾਚਾਰ ਅਤੇ ਨਸ਼ਿਆਂ ਦੇ ਧੰਦੇ ਨੂੰ ਬੰਦ ਕਰਨ ਦਾ ਵਾਅਦਾ ਵੀ ਕੀਤਾ।
ਸ੍ਰੀ ਸਿਸੋਦੀਆ ਵਲੋਂ ਅਰਵਿੰਦਰ ਕੇਜਰੀਵਾਲ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰਨ ਨਾਲ ਸਪਸ਼ਟ ਹੋ ਗਿਆ ਹੈ ਕਿ ਜੇਕਰ ਪੰਜਾਬ ਵਿਚ ਆਪ ਦੀ ਸਰਕਾਰ ਬਣਦੀ ਹੈ ਤਾਂ ਮੁੱਖ ਮੰਤਰੀ ਕੇਜਰੀਵਾਲ ਹੀ ਹੋਵੇਗਾ। ਹੁਣ ਤੱਕ ਸ੍ਰੀ ਕੇਜਰੀਵਾਲ ਵਲੋਂ ਮੁੱਖ ਮੰਤਰੀ ਦੇ ਉਮੀਦਵਾਰ ਦੇ ਨਾਮ ਨੂੰ ਲੈ ਕੇ ਟਾਲਮਟੋਲ ਕੀਤੀ ਜਾ ਰਹੀ ਸੀ, ਪਰ ਵੋਟਰਾਂ ਵਲੋਂ ਆਪ ਦੇ ਕਿਸੇ ਸਿਰਕੱਢ ਆਗੂ ਦੇ ਨਾਮ ਦੀ ਆਸ ਕੀਤੀ ਜਾ ਰਹੀ ਸੀ। ਰਾਜਸੀ ਮਾਹਿਰਾਂ ਵਲੋਂ ਪਹਿਲਾਂ ਹੀ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਸ੍ਰੀ ਕੇਜਰੀਵਾਲ ਵਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਕੋਈ ਵੀ ਨਾਮ ਸਪਸ਼ਟ ਨਾ ਕਰਨਾ ਸਾਬਤ ਕਰਦਾ ਹੈ ਕਿ ਉਹ ਖੁਦ ਮੁੱਖ ਮੰਤਰੀ ਬਨਣਾ ਚਾਹੁੰਦੇ ਹਨ।