
ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਕਰਮਚਾਰੀਆਂ ਦਾ ਖਾਸ ਧਿਆਨ ਰੱਖਿਆ ਜਾਵੇਗਾ।
ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰੀ ਤਨਖਾਹ ਕਮਿਸ਼ਨ ਵੱਲੋਂ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਂਦਾ ਹੈ, ਉਸੇ ਤਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ 100 ਦਿਨ ਦੇ ਅੰਦਰ-ਅੰਦਰ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਕੇਂਦਰੀ ਕਰਮਚਾਰੀਆਂ ਨਾਲੋਂ ਵੀ ਜਿਆਦਾ ਗੱਫੇ ਪੰਜਾਬ ਦੇ ਕਰਮਚਾਰੀਆਂ ਨੂੰ ਦਿੱਤੇ ਜਾਣਗੇ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਵੀ ਕੇਂਦਰ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ ਕੀਤਾ ਜਾਂਦਾ ਹੈ, ਤਾਂ ਇਸਨੂੰ ਪੰਜਾਬ ਵਿੱਚ ਲਾਗੂ ਕਰਨ ਵਿੱਚ ਲਗਭਗ 6 ਮਹੀਨਾ ਦਾ ਜਿਆਦਾ ਸਮਾਂ ਲਗਦਾ ਹੈ, ਜਿਸ ਕਾਰਨ ਕਰਮਚਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਉਸਨੂੰ ਇੱਕ ਮਹੀਨੇ ਦੇ ਅੰਦਰ ਉਸੇ ਤਾਰੀਖ ਤੋਂ ਲਾਗੂ ਕਰੇਗੀ, ਜਿਸ ਤਾਰੀਖ ਨੂੰ ਕੇਂਦਰ ਵੱਲੋਂ ਲਾਗੂ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਰਮਚਾਰੀਆਂ ਦੀਆਂ ਤਨਖਾਹਾਂ ਹਮੇਸ਼ਾਂ ਦੇਰੀ ਨਾਲ ਦਿੱਤੀਆਂ ਜਾਂਦੀਆਂ ਹਨ। ਹੋਰ ਤਾਂ ਹੋਰ ਦੀਵਾਲੀ ਮੌਕੇ ਦਿੱਤਾ ਜਾਣ ਵਾਲਾ ਬੋਨਸ ਦੀਵਾਲੀ ਲੰਘਣ ਤੋਂ ਕਾਫੀ ਸਮੇਂ ਬਾਅਦ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਕੋਸ਼ਿਸ਼ ਹੋਵੇਗੀ ਕਿ ਦੀਵਾਲੀ ਦਾ ਬੋਨਸ ਦੀਵਾਲੀ ਤੋਂ ਕਾਫੀ ਸਮਾਂ ਪਹਿਲਾਂ ਕਰਮਚਾਰੀਆਂ ਨੂੰ ਦੇ ਦਿੱਤਾ ਜਾਵੇ, ਤਾਂ ਜੋ ਉਹ ਬਿਹਤਰ ਤਰੀਕੇ ਨਾਲ ਦੀਵਾਲੀ ਮਨਾ ਸਕਣ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਕਰਮਚਾਰੀਆਂ ਨਾਲ ਸਿਰਫ ਧੋਖਾ ਹੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਆਪਣੇ ਹੱਕ ਮੰਗਣ ਉਤੇ ਕਰਮਚਾਰੀਆਂ ਉਤੇ ਸਰਕਾਰ ਵੱਲੋਂ ਪੁਲਿਸ ਦੇ ਜੋਰ ਨਾਲ ਲਾਠੀਆਂ ਅਤੇ ਪਾਣੀ ਬੌਛਾਰਾਂ ਮਾਰੀਆਂ ਜਾਂਦੀਆਂ ਹਨ ਅਤੇ ਉਨਾਂ ਦੀਆਂ ਮੰਗਾਂ ਨੂੰ ਹਮੇਸ਼ਾਂ ਅਣਗੌਲਿਆਂ ਕੀਤਾ ਜਾਂਦਾ ਹੈ।