- ਸੁਰਿੰਦਰ ਮਾਨਮੋਗਾ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਮੋਗਾ ਤੋਂ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਹੈ ਕਿ ਪੰਜਾਬੀਆਂ ਦੇ ਮਾਣ-ਮੱਤੇ ਇਤਿਹਾਸ ਤੇ ਪੰਜਾਬ ਦੇ ਹਰ ਵਰਗ ਨੂੰ ਵਿਕਾਸ ਨੂੰ ਨਿਰੰਤਰ ਜਾਰੀ ਰੱਖਣ ਲਈ ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਸਮੁੱਚੇ ਵਰਗਾਂ ਦੇ ਸਹਿਯੋਗ ਨਾਲ ਰਾਜ ਵਿੱਚ ਤੀਜੀ ਵਾਰ ਸਰਕਾਰ ਬਣਾਏਗਾ। ਅੱਜ ਪਿੰਡ ਚੜਿੱਕ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਾੜ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਨੀਵੇਂ ਪੱਧਰ ਦੀ ਸਿਆਸਤ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਕਈਆਂ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਝੂਠੇ ਵਾਅਦੇ ਕਰ ਰਹੇ ਹਨ ਪਰ ਪੰਜਾਬੀ ਇਨਾਂ ਦੋਵਾਂ ਪਾਰਟੀਆਂ ਦੀ ਸੌੜੀ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਆਪ ਦੇ ਆਗੂ ਅਰਵਿੰਦ ਕੇਜਰੀਵਾਲ ਆਏ ਦਿਨ ਕਦੇ ਕਰਜ਼ਾ ਮੁਆਫ਼ੀ ਤੇ ਕਦੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀਆਂ ਗੱਲਾਂ ਕਰਕੇ ਪੰਜਾਬੀਆਂ ਦੀ ਵੋਟਾਂ ਬਟੋਰਨ ‘ਚ ਰੁੱਝੇ ਹੋਏ ਹਨ ਪਰ ਅਸਲੀਅਤ ਇਹ ਹੈ ਕਿ ਅੱਜ ਪੰਜਾਬ ਦਾ ਬੱਚਾ-ਬੱਚਾ ਇਨਾਂ ਦੋਵਾਂ ਪਾਰਟੀਆਂ ਨੂੰ ਮੂੰਹ ਲਾਉਣ ਲਈ ਤਿਆਰ ਨਹੀਂ ਹੈ ਕਿਉਂਕਿ ਅਮਰਿੰਦਰ ਸਿੰਘ ਤੇ ਕੇਜਰੀਵਾਲ ਦੀ ਸਿਆਸਤ ਝੂਠ ਦੀ ਬੁਨਿਆਦ ‘ਤੇ ਟਿਕੀ ਹੋਈ ਹੈ। ਸ੍ਰੀ ਬਰਾੜ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਆਪਣਾ ਪੂਰਾ ਤਾਣ ਲਗਾ ਦੇਣ ਤਾਂ ਜੋ ਮੁੜ ਪੰਜਾਬੀਆਂ ਦੇ ਦਰਦ ਨੂੰ ਸਮਝਣ ਵਾਲੀ ਸ.ਪ੍ਰਕਾਸ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਕਾਇਮ ਕੀਤੀ ਜਾ ਸਕੇ। ਇਸ ਮੌਕੇ ਸਾਬਕਾ ਚੇਅਰਮੈਨ ਜਗਤਾਰ ਸਿੰਘ, ਸਰਪੰਚ ਸੁਲੱਖਣ ਸਿੰਘ, ਭਜਨ ਸਿੰਘ, ਤਰਸੇਮ ਸਿੰਘ, ਬਿੱਲੂ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਕੋਠਿਆਂ ਵਾਲੇ, ਹਰਭਜਨ ਸਿੰਘ ਤੇ ਬਿੱਲਾ ਸਿੰਘ ਚੜਿੱਕ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਸਨ।