best platform for news and views

ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਕਿਸਾਨ ਯੂਨੀਅਨਾਂ ਦੇ ਲੀਡਰ: ਕੈਪਟਨ

Please Click here for Share This News

ਚੰਡੀਗੜ੍ਹ, 23 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਆਖਿਆ ਕਿ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭ ਹੋਈ ਹੈ।
ਪਟਿਆਲਾ ਦੇ ਬਾਹਰਵਾਰ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਸ਼ੁਰੂ ਕੀਤੇ ਧਰਨੇ ਵਿੱਚ ਇਨ੍ਹਾਂ ਲੀਡਰਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰ ਦੀ ਕਰਜ਼ਾ ਮੁਆਫੀ ਨਾਲ ਥੋੜ੍ਹੀ ਗਿਣਤੀ ਵਿੱਚ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਸ ਦੇ ਸੰਦਰਭ ਵਿੱਚ ਇਕ ਦਿਨ ਬਾਅਦ ਮੁੱਖ ਮੰਤਰੀ ਨੇ ਇੱਥੋਂ ਜਾਰੀ ਬਿਆਨ ਰਾਹੀਂ ਆਖਿਆ ਕਿ ਸਿਆਸਤ ਤੋਂ ਪ੍ਰੇਰਿਤ ਕਿਸਾਨ ਲੀਡਰ ਉਨ੍ਹਾਂ ਦੀ ਸਰਕਾਰ ਖਿਲਾਫ ਇਹ ਬੇ-ਬੁਨਿਆਦ ਦੋਸ਼ ਲਾ ਰਹੇ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਅਤੇ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਹੁਤ ਛੇਤੀ ਨੋਟੀਫਿਕੇਸ਼ਨ ਜਾਰੀ ਹੋਣ ਵਾਲਾ ਹੈ ਅਤੇ ਇਸ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿੱਚੋਂ 10.25 ਲੱਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 17 ਲੱਖ ਤੋਂ ਵੱਧ ਕਿਸਾਨ ਪਰਿਵਾਰ ਹਨ ਅਤੇ ਕਰਜ਼ਾ ਮੁਆਫੀ ਦਾ 80 ਫੀਸਦੀ ਕਰਜ਼ਦਾਰ ਕਿਸਾਨਾਂ ਨੂੰ ਲਾਭ ਪਹੁੰਚੇਗਾ।
ਕੈਪਟਨ ਅਮਰਿੰਦਰ ਨੇ ਆਖਿਆ ਕਿ ਜੋ ਤਸਵੀਰ ਕਿਸਾਨ ਲੀਡਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਸਿੱਧੇ ਤੌਰ ‘ਤੇ ਕੁਝ ਵਿਰੋਧੀ ਸਿਆਸੀ ਪਾਰਟੀਆਂ ਦੀ ਉਕਸਾਹਟ ਵਿੱਚ ਆ ਕੇ ਕਰ ਰਹੇ ਹਨ ਜਦਕਿ ਇਸ ਦੇ ਉਲਟ ਅਸਲ ਸਥਿਤੀ ਇਹ ਹੈ ਕਿ ਉਨ੍ਹਾਂ ਦੀ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਵੱਡੀ ਗਿਣਤੀ ‘ਚ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਲਾਭ ਪਹੁੰਚਾਏਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਮੁਢਲੇ ਪੜਾਅ ਵਿੱਚ ਸਿਰਫ ਕੁਝ ਵੱਡੇ ਕਿਸਾਨ ਬਾਹਰ ਰਹਿ ਜਾਣਗੇ ਜਿਨ੍ਹਾਂ ਨੂੰ ਅਗਲੇ ਪੜਾਅ ਵਿੱਚ ਇਸ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਬੇਹੱਦ ਮਾੜੀ ਵਿੱਤੀ ਸਥਿਤੀ ਦੇ ਬਾਵਜੂਦ ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕਾ ਸਮੇਤ ਹੋਰ ਸੂਬਿਆਂ ਵੱਲੋਂ ਐਲਾਨੀ ਕਰਜ਼ਾ ਮੁਆਫੀ ਤੋਂ ਕੀਤੇ ਵੱਧ ਰਾਸ਼ੀ ਮੁਆਫ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਕਰਜ਼ਾ ਸਕੀਮ ਨਾਲ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਹੋਵੇਗਾ ਅਤੇ ਹੋਰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਦੀ ਕੁੱਲ ਰਾਹਤ ਦਿੱਤੀ ਜਾਵੇਗੀ ਜਦਕਿ ਰਾਜਸਥਾਨ ਤੇ ਕਰਨਾਟਕਾ ਵਰਗੇ ਸੂਬਿਆਂ ਨੇ ਕਿਸਾਨਾਂ ਲਈ ਮਹਿਜ਼ 50000 ਰੁਪਏ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਇਸ ਤੋਂ ਵੀ ਅੱਗੇ ਜਾ ਕੇ ਕਰਜ਼ਦਾਰ ਕਿਸਾਨਾਂ ਦਾ ਵਿਆਜ ਪੰਜਾਬ ਵਿਧਾਨ ਸਭਾ ਵਿੱਚ ਕਰਜ਼ਾ ਮੁਆਫੀ ਦੀ ਸਕੀਮ ਦੇ ਐਲਾਨ ਦੀ ਤਰੀਕ ਤੋਂ ਲੈ ਕੇ ਨੋਟੀਫਿਕੇਸ਼ਨ ਦੀ ਤਰੀਕ ਤੱਕ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ‘ਚ ਕਰਜ਼ਾ ਮੁਆਫੀ ਸਕੀਮ ਅਧੀਨ ਇਕ ਪੈਸਾ ਮੁਆਫ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ। ਇਸ  ਦੇ ਉਲਟ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਤੇ ਕਰਜ਼ਾ ਰਾਸ਼ੀ ਬਾਰੇ ਵਿਸਥਾਰਤ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਲਾਭ ਦਿੱਤਾ ਜਾਣਾ ਹੈ ਅਤੇ ਇਹ ਅਮਲ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਆਰੰਭ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨੋਟੀਫਿਕੇਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਪਰ ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਚੋਣ ਕਮਿਸ਼ਨ ਪਾਸੋਂ ਹੁਣ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੂਨ ਮਹੀਨੇ ਵਿੱਚ ਕਰਜ਼ਾ ਮੁਆਫੀ ਸਕੀਮ ਦਾ ਐਲਾਨ ਹੋਣ ਦੇ ਸਮੇਂ ਤੋਂ ਲੈ ਕੇ ਖੇਤੀਬਾੜੀ ਅਤੇ ਵਿੱਤ ਵਿਭਾਗਾਂ ਦੇ ਸਬੰਧਤ ਅਧਿਕਾਰੀ ਕਿਸਾਨਾਂ ਅਤੇ ਉਨ੍ਹਾਂ ਦੀ ਕਰਜ਼ਾ ਰਾਸ਼ੀ ਬਾਰੇ ਵਿਸਥਾਰ ਵਿੱਚ ਸੂਚੀਆਂ ਤਿਆਰ ਕਰਨ ਲਈ ਬੈਂਕਾਂ ਨਾਲ ਨਿਰੰਤਰ ਸੰਪਰਕ ਵਿੱਚ ਹਨ ਅਤੇ ਇਨ੍ਹਾਂ ਕਿਸਾਨਾਂ ਨੂੰ ਪਹਿਲੇ ਪੜਾਅ ਵਿੱਚ ਲਾਭ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਮੁਢਲੀਆਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁਆਫੀ ਦੀ ਪ੍ਰਕਿਰਿਆ ਵੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਇਨ੍ਹਾਂ ਪਾਰਟੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਕਿਸਾਨ ਲੀਡਰਾਂ ਦੇ ਝੂਠੇ ਤੇ ਬੇ-ਬੁਨਿਆਦ ਦਾਅਵਿਆਂ ਤੇ ਦੋਸ਼ਾਂ ਦੀ ਭੜਕਾਹਟ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕਰਜ਼ਾ ਮੁਆਫੀ ਦਾ ਅਮਲ ਆਰੰਭਣਾ ਹੁਣ ਸਿਰਫ ਕੁਝ ਹਫਤਿਆਂ ਦੀ ਹੀ ਗੱਲ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਨਿਰਾਸ਼ਾ ਦੀ ਸਥਿਤੀ ਵਿੱਚ ਖੁਦਕੁਸ਼ੀ ਵਰਗਾ ਰਾਹ ਨਾ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲਾਲ ਸਿੰਘ ਦੀ ਅਗਵਾਈ ਵਿੱਚ ਨਵ-ਗਠਿਤ ਕਮੇਟੀ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵਿਚਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਸੁਲਝਾਇਆ ਜਾਵੇਗਾ।

Please Click here for Share This News

Leave a Reply

Your email address will not be published. Required fields are marked *