
ਗੋਹ (ਪਠਾਨਕੋਟ) :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੁਜਾਨਪੁਰ ਤੋਂ ਪਾਰਟੀ ਦੇ ਉਮੀਦਵਾਰ ਕੁਲਭੂਸ਼ਣ ਸਿੰਘ ਮਨਹਾਸ ਦੇ ਘਰ ਲੋਹੜੀ ਸਮਾਰੋਹ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਲਕੇ ਦੇ ਲੋਕਾਂ ਨੇ ਕੇਜਰੀਵਾਲ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਲੋਕਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬੁਰਾਈਆਂ ਬੁਰਾਈਆਂ ਨੂੰ ਜਲਾ ਕੇ ਜਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਦਾ ਪ੍ਰਤੀਕ ਹੈ। ਪੰਜਾਬ ਦੇ ਲੋਕ ਇਸ ਤਿਓਹਾਰ ਦੇ ਮੰਤਵ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਤੇਮਾਲ ਕਰਨਗੇ। ਪੰਜਾਬੀਆਂ ਨੂੰ ਚਾਹੀਦਾ ਹੈ ਕਿ ਉਹ ਭ੍ਰਿਸ਼ਟਾਚਾਰੀਆਂ ਨੂੰ ਜੜੋਂ ਉਖਾੜ ਕੇ ਆਪਣੀ ਆਵਾਜ ਬੁਲੰਦ ਕਰਨ।