
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਲਗਾਏ ਗਏ ਖਤਰਨਾਕ ਅਤੇ ਖੋਖਲੇ ਦੋਸ਼ਾਂ ਬਾਰੇ ਪ੍ਰਤੀਕਰਮ ਦਿੰਦਿਆਂ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਸ ਤੋਂ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੂਰੀ ਤਰਾਂ ਦਿਮਾਗੀ ਸੰਤੁਲਨ ਗੁਆ ਬੈਠੇ ਹਨ।
ਗੁਰਪ੍ਰੀਤ ਵੜੈਚ ਨੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਹ ਅਜਿਹੇ ਦੋਸ਼ ਲਗਾ ਰਹੇ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੌੜ ਮੰਡੀ ਵਿੱਚ ਹੋਏ ਧਮਾਕੇ ਲਈ ਅਰਵਿੰਦ ਕੇਜਰੀਵਾਲ ਨੂੰ ਜਿੰਮੇਵਾਰ ਠਹਿਰਾਇਆ ਸੀ।
ਉਨਾਂ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਬੌਖਲਾ ਕੇ ਪੰਜਾਬ ਦੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੇ ਹਨ। ਵੜੈਚ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੁੱਦੇ ਬੇਰੋਜਗਾਰੀ, ਨਸ਼ੇ, ਰੇਤਾ ਬਜਰੀ ਮਾਫੀਆ, ਕੈਬਲ ਮਾਫੀਆ ਅਤੇ ਟ੍ਰਾਂਸਪੋਰਟ ਮਾਫੀਆ ਹਨ।
ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਵਿੱਸ ਬੈਂਕ ਖਾਤਿਆਂ ਵਿੱਚ ਪਏ ਬੇਹਿਸਾਬੇ ਦੌਲਤ ਬਾਰੇ ਕਿਓਂ ਨਹੀਂ ਦੱਸਦੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਤੀਜੇ ਬਿਕਰਮ ਮਜੀਠੀਆ ਦੀ ਸੀਬੀਆਈ ਜਾਂਚ ਦਾ ਵਿਰੋਧ ਕਿਓਂ ਕੀਤਾ। ਕਿਓਂ ਬਾਦਲਾਂ ਨੇ ਉਨਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਵਾਪਿਸ ਲੈ ਲਿਆ।
ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਮੁੱਦਿਆਂ ਉਤੇ ਕਦੇ ਬਿਆਨ ਨਹੀਂ ਦਿੱਤਾ ਅਤੇ ਉਹ ਸਿਰਫ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੇ ਹਨ, ਕਿਉਂਕਿ ਉਹ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਬਚਣਾ ਚਾਹੁੰਦੇ ਹਨ।