
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਲੰਬੀ ਹਲਕਿਆਂ ਵਿਚ ਪਵਿੱਤਰ ਗੁਟਕਿਆਂ ਦੀ ਬੇਅਦਬੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਐਫ ਆਰ ਆਈ ਦਰਜ ਕਰਨ ਦੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਤੇ ਨਾਲ ਹੀ ਸਪਸ਼ਟ ਤੌਰ ‘ਤੇ ਕਿਹਾ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਅਤਿਵਾਦੀ ਸੰਗਠਨਾਂ ਨਾਲ ਮਿਲ ਕੇ ਪੰਜਾਬ ਵਿਚ ਫਿਰਕੂ ਨਫਰਤ ਫੈਲਾਉਣ ਲਈ ਸਰਗਰਮ ਹੋ ਗਏ ਹਨ।
ਅੱਜ ਮੁੱਖ ਚੋਣ ਅਫਸਰ ਪੰਜਾਬ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਮੋਗਾ ਵਿਖੇ ਕੱਟੜ ਅਤਿਵਾਦੀ ਖਾਲਿਸਤਾਨ ਕਮਾਂਡੋ ਫੋਰਸ ਦੇ ਆਗੂ ਗੁਰਿੰਦਰ ਸਿੰਘ ਦੇ ਘਰ ਠਹਿਰੇ ਸਨ ਜਦੋਂ ਪਵਿੱਤਰ ਗੁਟਕਿਆਂ ਦੀ ਸ੍ਰੀ ਮੁਕਤਸਰ ਸਾਹਿਬ ਅਤੇ ਲੰਬੀ ਹਲਕਿਆਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਗੁਰਿੰਦਰ ਸਿੰਘ ‘ਤੇ ਦੋਸ਼ ਹੈ ਕਿ ਉਸਨੇ ਅਤਿਵਾਦ ਦੇ ਕਾਲੇ ਦਿਨਾਂ ਵਿਚ ਮੋਗਾ ਦੇ ਬਾਘਾਪੁਰਾਣਾ ਇਲਾਕੇ ਵਿਚ ਇਕ ਧਾਰਮਿਕ ਅਸਥਾਨ ‘ਤੇ ਬਾਹਰ ਬੰਬ ਧਮਾਕੇ ਕਰਵਾਏ ਸਨ ਤੇ ਨਾਲ ਹੀ ਫਿਰਕੂ ਦੰਗੇ ਭੜਕਾਉਣ ਲਈ ਮੰਦਿਰਾਂ ਵਿਚ ਗਊਆਂ ਦੀਆਂ ਪੂੰਛਾਂ ਸੁੱਟੀਆਂ ਸਨ।
ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਧਰਤੀ ‘ਤੇ ਆਪਣੀ ਹੋਂਦ ਦਾ ਪ੍ਰਗਟਾਵਾ ਕਰਨ ਲਈ ਯਤਨ ਆਰੰਭਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਕੁਰਾਣ ਸ਼ਰੀਫ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਵੱਲੋਂ ਇਹ ਘਟਨਾਵਾਂ ਸਿੱਖਾਂ, ਹਿੰਦੂ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਕਾਰਵਾਈ ਜਿਸਦੀ ਬਦੌਲਤ ਅਮਨ ਕਾਨੂੰਨ ਦੀ ਵਿਵਸਥਾ ਦਾ ਮਸਲਾ ਖੜ੍ਹਾ ਹੁੰਦਾ ਹੋਵੇ ਦੀ ਬਦੌਲਤ ਰਾਜ ਦੀ ਮੌਜੂਦਾ ਸਰਕਾਰ ਦੇ ਖਿਲਾਫ ਨਫਰਤ ਵਾਲਾ ਮਾਹੌਲ ਬਣਨਾ ਕੁਦਰਤੀ ਹੈ ਤੇ ਵਿਰੋਧੀ ਪਾਰਟੀਆਂ ਇਸਦਾ ਰਾਜਸੀ ਲਾਹਾ ਲੈਣਾ ਚਾਹੁੰਦੀਆਂ ਹਨ। ਸ੍ਰੀ ਕੇਜਰੀਵਾਲ ਖੁਲ੍ਹੇਆਮ ਇਸ ਮਾਮਲੇ ‘ਤੇ ਵੋਟਾਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਵੋਟਾਂ ਲੈਣ ਖਾਤਰ ਕੀਤਾ ਜਾ ਰਿਹਾ ਹੈ ਤੇ ਇਸਦੇ ਦੋਸ਼ੀ ਹੋਰ ਕੋਈ ਨਹੀਂ ਬਲਕਿ ਸ੍ਰੀ ਅਰਵਿੰਦ ਕੇਜਰੀਵਾਲ ਲਈ ਕੰਮ ਕਰਨ ਵਾਲੇ ਵਿਅਕਤੀ ਹਨ ਜਿਹਨਾਂ ਦੇ ਮਨਾਂ ਵਿਚ ਗੁਰੂ ਸਾਹਿਬਾਨ ਪ੍ਰਤੀ ਕੋਈ ਸ਼ਰਧਾ ਸਤਿਕਾਰ ਨਹੀਂ ਹੈ।
ਡਾ. ਚੀਮਾ ਨੇ ਕਿਹਾ ਕਿ ਸ੍ਰ ਪਰਕਾਸ਼ ਸਿੰਘ ਬਾਦਲ ਜਿਹਨਾਂ ਨੇ ਆਪਣਾ ਸਾਰਾ ਜੀਵਨ ਪੰਜਾਬ ਵਿਚ ਸ਼ਾਂਤੀ ਤੇ ਸਦਭਾਵਨਾ ਨੂੰ ਸਮਰਪਿਤ ਕਰ ਦਿੱਤਾ, ਦੀ ਅਗਵਾਈ ਵਾਲੀ ਕੋਈ ਵੀ ਸਰਕਾਰ ਅਜਿਹੇ ਕਾਰੇ ਵਿਚ ਸ਼ਾਮਲ ਨਹੀਂ ਹੋ ਸਕਦੀ। ਇਹ ਕਾਰਵਾਈਆਂ ਸਿਰਫ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੇ ਮੌਕੇ ਲੋਕਾਂ ਦੇ ਮਨਾਂ ਵਿਚ ਸੱਤਾਧਾਰੀ ਪਾਰਟੀ ਪ੍ਰਤੀ ਨਫਰਤ ਪੈਦਾ ਕਰਨ ਦੇ ਲਿਹਾਜ਼ ਨਾਲ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਮਾਮਲੇ ਦੀ ਡੂੰਘੀ ਪੜਤਾਲ ਜ਼ਰੂਰੀ ਹੈ ਤੇ ਜੋ ਵਿਅਕਤੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਟੀਮ ਨਾਲ ਮੁਲਾਕਾਤ ਕਰਦੇ ਹਨ, ਉਹਨਾਂ ਦੀ ਸ਼ਨਾਖ਼ਤ ਕਰ ਕੇ ਉਹਨਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਨੂੰ ਯਕੀਨ ਹੈ ਕਿ ਇਸ ਤਰੀਕੇ ਨਾਲ ਦੋਸ਼ੀਆਂ ਦੀ ਸ਼ਨਾਖ਼ਤ ਹੋ ਜਾਵੇਗੀ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਵੀ ਅਸਲੀਅਤ ਵੀ ਜਗ ਜਾਹਰ ਹੋ ਜਾਵੇਗੀ।