ਚੰਡੀਗੜ੍ਹ, 12 ਸਤੰਬਰ- ਭਾਰਤੀ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ-1 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 15 ਸਤੰਬਰ, 2017 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਮਿਤੀ 22 ਸਤੰਬਰ, 2017 ਨਿਰਧਾਰਿਤ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 25 ਸਤੰਬਰ, 2017 ਨੂੰ ਕੀਤੀ ਜਾਵੇਗੀ ਜਦਕਿ ਕਾਗਜ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ, 2017 ਮਿੱਥੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮਿਤੀ 11 ਅਕਤੂਬਰ, 2017 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਮਿਤੀ 15 ਅਕਤੂਬਰ, 2017 ਨੂੰ ਕੀਤਾ ਜਾਵੇਗਾ। ਜਿਮਨੀ ਚੋਣ ਦੇ ਮੱਦੇਨਜ਼ਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਵਿੱਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।