ਚੰਡੀਗੜ੍ਹ : ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿਚ 20 ਸਾਲ ਸਜ਼ਾ ਦੀ ਥਾਂ ਉਮਰ ਕੈਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਇਸ ਮਾਮਲੇ ਵਿਚ ਸ਼ਿਕਾਇਤ ਕਰਨ ਵਾਲੀਆਂ ਦੋਵਾਂ ਸਾਧਵੀਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ 20 ਸਾਲ ਦੀ ਥਾਂ ‘ਤੇ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇ।
ਡੇਰਾ ਮੁਖੀ ਖਿਲਾਫ ਬਲਾਤਕਾਰ ਦੇ ਦੋਸ਼ ਲਾਉਣ ਵਾਲੀਆਂ ਸਾਧਵੀਆਂ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੇ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਅਤੇ ਲਗਾਤਾਰ ਬਲਾਤਕਾਰ ਕਰਦਾ ਰਿਹਾ। ਇਸ ਤੋਂ ਇਲਾਵਾ ਡੇਰਾ ਮੁਖੀ ਇਕ ਧਾਰਮਿਕ ਗੁਰੂ ਹੋ ਕੇ ਧਾਰਮਿਕ ਵਿਸ਼ਵਾਸ਼ ਦਾ ਗਲਤ ਇਸਤੇਮਾਲ ਕੀਤਾ ਹੈ। ਇਸ ਲਈ ਇਸ ਨੂੰ 20 ਸਾਲ ਕੈਦ ਦੀ ਥਾਂ ‘ਤੇ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇ। ਇਸ ਤੋਂ ਪਹਿਲਾਂ ਸੀ.ਬੀ.ਆਈ. ਅਦਾਲਤ ਨੇ ਇਸ ਮਾਮਲੇ ਵਿਚ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਇਸ ਵੇਲੇ ਡੇਰਾ ਮੁਖੀ ਰੋਹਤਕ ਜੇਲ ਵਿਚ ਕੈਦ ਭੁਗਤ ਰਿਹਾ ਹੈ। ਹੁਣ ਹਾਈ ਕੋਰਟ ਵਲੋਂ ਇਸ ਬਾਰੇ ਕੀ ਫੈਸਲਾ ਲਿਆ ਜਾਂਦਾ ਹੈ, ਇਹ ਦੇਖਣਾ ਬਾਕੀ ਹੈ।