ਸੰਗਰੂਰ, 14 ਸਤੰਬਰ (ਮਹੇਸ਼ ਜਿੰਦਲ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ-144 ਅਧੀਨ ਜ਼ਿਲ੍ਹਾ ਸੰਗਰੂਰ ਅੰਦਰ 15 ਸਤੰਬਰ ਤੋਂ 29 ਤੱਕ ਹੋਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਪ੍ਰੀਖਿਆ ਨੂੰ ਸੁਖਾਵੇਂ ਮਾਹੌਲ ਵਿੱਚ ਕਰਵਾਉਣ ਲਈ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੀ ਸਥਿਤੀ ਨੂੰ ਮੌਕੇ ‘ਤੇ ਨਜਿੱਠਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਅਧੀਨ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਜਾਣ। ਹੁਕਮ ‘ਚ ਦੱਸਿਆ ਗਿਆ ਹੈ ਕਿ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਪ੍ਰੀਖਿਆ 15 ਤੋਂ 29 ਸਤੰਬਰ ਤੱਕ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਖੇ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਕਰਵਾਈ ਜਾ ਰਹੀ ਹੈ।