
ਅੰਮ੍ਰਿਤਸਰ : ਸਿੱਖ ਉਮੀਦਵਾਰਾਂ ਵੱਲੋਂ ਡੇਰਾ ਸਿਰਸਾ ਜਾ ਕੇ ਵਿਧਾਨ ਸਭਾ ਚੋਣਾਂ ਲਈ ਹਮਾਇਤ ਮੰਗਣ ਦੇ ਮਾਮਲੇ ਦੀ ਜਾਂਚ ਵਾਸਤੇ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਅਤੇ ਅੰਤ੍ਰਿਮ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੱਤਰ ਭੇਜ ਕੇ ਇਸ ਮਾਮਲੇ ਦੀ ਜਾਂਚ ਕਰਾਉਣ ਲਈ ਆਖਿਆ ਹੈ। ਇਸ ਪੱਤਰ ਦੇ ਆਧਾਰ ’ਤੇ ਜਾਂਚ ਕਮੇਟੀ ਬਣਾਈ ਗਈ ਹੈ। ਕਮੇਟੀ ਹਫ਼ਤੇ ਵਿੱਚ ਜਾਂਚ ਰਿਪੋਰਟ ਸੌਂਪੇਗੀ। ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਨੇ ਇਸ ਮਾਮਲੇ ਦੀ ਜਾਂਚ ਸਬੰਧੀ ਪੱਤਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜਿਆ ਸੀ। ਦਿੱਲੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਪ੍ਰਧਾਨਾਂ ਨੇ ਵੱਖ ਵੱਖ ਸ਼ਿਕਾਇਤ ਪੱਤਰ ਭੇਜ ਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਡੇਰਾ ਸਿਰਸਾ ਜਾ ਕੇ ਸਿਆਸੀ ਹਮਾਇਤ ਪ੍ਰਾਪਤ ਕਰਨ ਵਾਲੇ ਸਿੱਖ ਉਮੀਦਵਾਰਾਂ ਖ਼ਿਲਾਫ਼ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਵੇ।
ਮਿਲੇ ਵੇਰਵਿਆਂ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਨੇ ਪਹਿਲੀ ਫਰਵਰੀ ਨੂੰ ਡੇਰੇ ਦੇ ਮੰਚ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਸੀ। ਉਸ ਦਿਨ ਮੰਚ ’ਤੇ ਅਕਾਲੀ ਉਮੀਦਵਾਰਾਂ ਵਿੱਚੋਂ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਜੀਤ ਮਹਿੰਦਰ ਸਿੰਘ ਸਿੱਧੂ ਪ੍ਰਮੁੱਖ ਤੌਰ ‘ਤੇ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸਰੂਪ ਚੰਦ ਸਿੰਗਲਾ, ਅਮਿਤ ਰਤਨ, ਹਰਪ੍ਰੀਤ ਸਿੰਘ ਕੋਟ ਭਾਈ, ਜਗਦੀਪ ਸਿੰਘ ਨਕਈ, ਡਾ. ਨਿਸ਼ਾਨ ਸਿੰਘ ਅਤੇ ਦਿਲਰਾਜ ਸਿੰਘ ਭੂੰਦੜ ਸ਼ਾਮਲ ਸਨ। ਮੰਚ ਤੋਂ ਅਕਾਲੀ ਆਗੂਆਂ ਵੱਲੋਂ ਡੇਰਾ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਹ ਸਮਰਥਨ ਬਦਲੇ ਪੰਜਾਬ ਵਿੱਚ ਡੇਰੇ ਦੇ ਸਤਿਸੰਗ ਵੀ ਕਰਾਉਣਗੇ। ਇਸ ਤੋਂ ਪਹਿਲਾਂ ਇਹ ਆਗੂ 28 ਜਨਵਰੀ ਨੂੰ ਵੀ ਡੇਰੇ ਵਿੱਚ ਪੁੱਜੇ ਸਨ। ਉਸ ਦਿਨ ਕਈ ਕਾਂਗਰਸੀ ਆਗੂ ਵੀ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ‘ਆਪ’ ਉਮੀਦਵਾਰ ਵੀ ਸ਼ਾਮਲ ਸਨ। 28 ਜਨਵਰੀ ਨੂੰ ਡੇਰਾ ਮੁਖੀ ਵੱਲੋਂ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਮੁਲਾਕਾਤ ਵਾਸਤੇ ਇਕੱਠਾ ਸਮਾਂ ਦਿੱਤਾ ਗਿਆ ਸੀ। ਡੇਰੇ ਵੱਲੋਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦੇ ਕੀਤੇ ਐਲਾਨ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਸੀ।
ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੀ ਜਾਵੇਗੀ ਰਿਪੋਰਟ: ਪ੍ਰੋ. ਬਡੂੰਗਰ
ਪਟਿਆਲਾ (ਰਵੇਲ ਸਿੰਘ ਭਿੰਡਰ): ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਸਿੱਖ ਆਗੂਆਂ ਬਾਰੇ ਮੁਕੰਮਲ ਪੜਤਾਲ ਸਬੰਧੀ ਪੱਤਰ ਲਿਖਿਆ ਸੀ, ਉਸ ਸੰਦਰਭ ਵਿੱਚ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਜਿਨ੍ਹਾਂ ਸਿੱਖ ਆਗੂਆਂ ਨੇ ਡੇਰਾ ਸਿਰਸਾ ਅਤੇ ਅਜਿਹੇ ਹੋਰ ਡੇਰਿਆਂ ਦੇ ਪ੍ਰਬੰਧਕਾਂ ਨਾਲ ਰਾਜਨੀਤਕ ਹਮਾਇਤ ਲਈ ਸੰਪਰਕ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਕਮੇਟੀ ਜਾਂਚ ਕਰੇਗੀ ਅਤੇ ਇਸ ਦੀ ਰਿਪੋਰਟ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੇਗੀ|
(we are thankful to punjabi tribune for publish this item)