
ਜਲੰਧਰ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਵੱਲੋਂ ਭਾਜਪਾ ਦੇ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਬਾਰੇ ਆਪਣਾ ਪ੍ਰਤੀਕਰਮ ਦਿੰਦਿਆ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਚਐਸ ਫੂਲਕਾ ਨੇ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਦੀ ਤਰਾਂ ਇਹ ਚੋਣ ਮਨੋਰਥ ਪੱਤਰ ਵੀ ਚੁਣਾਵੀ ਜੁਮਲੇ ਤੋਂ ਵੱਧ ਕੁੱਝ ਵੀ ਨਹੀਂ ਹੈ। ਉਨਾਂ ਕਿਹਾ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਬਾਰੇ ਵੀ ਚੋਣ ਮਨੋਰਥ ਪੱਤਰ ਵਿੱਚ ਕੁੱਝ ਨਹੀਂ ਲਿਖਿਆ ਗਿਆ।
ਫੂਲਕਾ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਬਾਰੇ ਚੋਣ ਮਨੋਰਥ ਪੱਤਰ ਵਿੱਚ ਕੁੱਝ ਵੀ ਨਹੀਂ ਹੈ, ਜਦਕਿ ਕਰਜ ਦੇ ਬੋਝ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਲਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨਾ ਬੇਹੱਦ ਜਰੂਰੀ ਹੈ। ਫੂਲਕਾ ਨੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦਿਆਂ ਤੋਂ ਮੁੱਕਰੀ ਹੈ, ਜਿਸ ਕਾਰਨ ਉਸਦਾ ਕਿਸਾਨ ਵਿਰੋਧੀ ਚਿਹਰਾ ਪਹਿਲਾਂ ਹੀ ਸਾਹਮਣੇ ਆ ਚੁੱਕਾ ਹੈ।
ਫੂਲਕਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਵਾਮੀਨਾਥਨ ਕਮੇਟੀ ਦੇ ਕੁੱਝ ਮੁੱਖ ਬਿੰਦੂਆਂ ਨੂੰ ਲਾਗੂ ਕਰਨਾ ਚਾਹੁੰਦੀ ਹੈ, ਪਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਅਜਿਹਾ ਕਰਨ ਦੀ ਆਗਿਆ ਨਹੀਂ ਦੇ ਰਹੀ, ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਸ ਨੂੰ ਲਾਗੂ ਕਰਨ ਲਈ ਵਚਨਬੱਧ ਹੈ।
ਫੂਲਕਾ ਨੇ ਕਿਹਾ ਕਿ ਅਰੁਣ ਜੇਟਲੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ਹੇਠ ਲਿਆਏ ਜਾਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸਦੀ ਕਿ ਆਮ ਆਦਮੀ ਪਾਰਟੀ ਨੇ ਸਖਤ ਵਕਾਲਤ ਕੀਤੀ ਸੀ। ਇਸ ਤੋਂ ਸਾਫ ਜਾਹਿਰ ਹੈ ਭਾਰਤੀ ਜਨਤਾ ਪਾਰਟੀ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬਿਲਕੁਲ ਗੰਭੀਰ ਨਹੀਂ ਹੈ। ਫੂਲਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਆਪਣੇ ਵਾਅਦਿਆਂ ਨੂੰ ਚੁਣਾਵੀ ਜੁਮਲੇ ਦੱਸਿਆ ਸੀ।
ਫੂਲਕਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੋਟਬੰਦੀ ਕਾਰਨ ਬੰਦ ਹੋਈਆਂ ਸਨਅਤੀ ਇਕਾਈਆਂ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਕੋਈ ਵੀ ਵਾਅਦਾ ਕਰਨ ਵਿੱਚ ਅਸਫਲ ਹੋਏ ਹਨ।
ਫੂਲਕਾ ਨੇ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਚੁਣਾਵੀ ਜੁਮਲੇ ਦਾ ਬੇਕਾਰ ਕਾਗਜ ਹੈ ਅਤੇ ਬੀਜੇਪੀ ਕੋਲ ਪੰਜਾਬ ਲਈ ਕੋਈ ਠੋਸ ਪ੍ਰੋਗਰਾਮ ਨਹੀਂ ਹੈ।