ਲੰਬੀ : ਸੱਤਾਧਾਰੀ ਅਕਾਲੀ ਦਲ ਖਿਲਾਫ ਲੋਕਾਂ ਦਾ ਵਿਰੋਧ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਅੱਜ ਫਿਰ ਵਿਧਾਨ ਸਭਾ ਹਲਕਾ ਲੰਬੀ ਦੇ ਇਕ ਪਿੰਡ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇਕ ਚੋਣ ਰੈਲੀ ਵਿਚ ਸਖਤ ਸੁਰੱਖਿਆ ਹੋਣ ਦੇ ਬਾਵਜੂਦ ਲੋਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਅਕਾਲੀ ਵਿਰੋਧੀ ਨਾਅਰੇਬਾਜੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਵਾਰ ਲੰਬੀ ਹਲਕੇ ਵਿਚੋਂ ਸਖਤ ਚਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਅਾਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਨੂੰ ਹਰਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਸੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਬੀ ਹਲਕੇ ਤੋਂ ਚੋਣ ਲੜਨ ਨਾਲ ਮੁਕਾਬਲਾ ਹੋਰ ਸਖਤ ਹੋ ਗਿਆ ਹੈ। ਇਸ ਕਾਰਨ ਸ੍ਰੀ ਬਾਦਲ ਵਲੋਂ ਇਸ ਵਾਰ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿਚ ਹੀ ਜ਼ਿਆਦਾ ਸਮਾਂ ਦਿੱਤਾ ਜਾ ਰਿਹਾ ਹੈ। ਅੱਜ ਲੰਬੀ ਹਲਕੇ ਦੇ ਪਿੰਡ ਦਿਉਣ ਖੜਾ ਵਿਚ ਅਕਾਲੀ ਦਲ ਦੀ ਚੋਣ ਰੈਲੀ ਦੌਰਾਨ ਕੁੱਝ ਵਿਅਕਤੀਆਂ ਨੇ ਆਪਣੀਆਂ ਸਮੱਸਿਆਵਾਂ ਦੱਸਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਨ੍ਹਾਂ ਨੂੰ ਮਿਲਣ ਨਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਇਸ ਪਿਛੋਂ ਉਥੇ ਹਾਜਰ ਹੋਰ ਲੋਕਾਂ ਨੇ ਵੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਬਾਦਲ ਵਿਰੋਧੀ ਨਾਅਰੇਬਾਜੀ ਸ਼ੁਰੂ ਕਰ ਦਿੱਤੀ ਗੲੀ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਦੇ ਜੁੱਤੀ ਵੀ ਮਾਰੀ ਗਈ ਸੀ, ਜਿਸਦੀ ਕਾਫੀ ਚਰਚਾ ਹੋਈ ਸੀ।