
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਵਾਲੇ ਵਿਅਕਤੀਆਂ ਦੇ ਕਾਗਜਾਂ ਦੀ ਤਸਦੀਕ ਕਰਨ ਲਈ ਪਹਿਲਾਂ ਹੀ ਵਿਦੇਸ਼ੀ ਯੂਨੀਵਰਸਿਟੀਆਂ ਜਾਂ ਨੌਕਰੀ ਦੇਣ ਵਾਲੀਆਂ ਕੰਪਨੀਆਂ ਦੇ ਕਾਜਗਾਂ ਦੀ ਮੰਗ ਨਾ ਕੀਤੀ ਜਾਵੇ। ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਵਿਦੇਸ਼ ਮੰਤਰਾਲੇ ਵਲੋਂ ਨਿੱਜੀ ਵਿਅਕਤੀਆਂ/ ਕੰਪਨੀਆਂ ਦੇ ਨਿੱਜੀ, ਵਪਾਰਕ ਅਤੇ ਵਿੱਦਿਅਕ ਕਾਗਜਾਤਾਂ ਦੀ ਅਗਾਊਂ ਤਸਦੀਕ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਲਈ ਕਿਹਾ ਗਿਆ ਹੈ ਤਾਂ ਜੋ ਉਹ ਵਿਦੇਸ਼ਾਂ ਵਿਚ ਪੜ੍ਹਾਈ, ਨੌਕਰੀ ਅਤੇ ਕਾਰੋਬਾਰ ਕਰ ਸਕਣ। ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਮਰੱਥ ਅਥਾਰਟੀਆਂ ਕਾਗਜ਼ਾਂ ਦੀ ਤਸਦੀਕ ਤੋਂ ਪਹਿਲਾਂ ਵਿਦੇਸ਼ੀ ਯੂਨੀਵਰਸਿਟੀਆਂ ਅਤੇ ਨੌਕਰੀ ਪ੍ਰਦਾਨ ਕਰਨ ਵਾਲਿਆਂ ਦੇ ਕਾਗਜ਼ਾਂ ਦੀ ਮੰਗ ਨਾ ਕਰਨ। ਇਸ ਨਾਲ ਬਿਨੈਕਾਰਾਂ ਦੇ ਸਮੇਂ ਦੀ ਜਿੱਥੇ ਬਚਤ ਹੋਵੇਗੀ ਉੱਥੇ ਹੀ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਨੌਕਰੀ ਦੇ ਮੌਕਿਆਂ ਦਾ ਲਾਭ ਲੈਣ ਵਿਚ ਵੀ ਮਦਦ ਮਿਲੇਗੀ।