ਚੰਡੀਗੜ੍ਹ, 4 ਦਸੰਬਰ 2019
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਨੌਜਵਾਨ ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕੈਪਟਨ ਸਰਕਾਰ ਵੱਲੋਂ ਅਗਲੇ ਮਹੀਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਜਾਣ ਸੰਬੰਧੀ ਕੀਤੇ ਜਾ ਰਹੇ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦ ਤੱਕ ਕੈਪਟਨ ਸਰਕਾਰ ਆਪਣੇ ਵਾਅਦੇ ਮੁਤਾਬਿਕ ਸਾਰੇ ਨੌਜਵਾਨਾਂ/ਵਿਦਿਆਰਥੀਆਂ ਨੂੰ ਹੱਥਾਂ ‘ਚ ਸਮਾਰਟ ਫ਼ੋਨ ਨਹੀਂ ਫੜਾਉਂਦੀ ਉਨ੍ਹਾਂ ਚਿਰ ਸਰਕਾਰ ਦੇ ਕਿਸੇ ਵੀ ਦਾਅਵੇ-ਵਾਅਦੇ ‘ਤੇ ਕੋਈ ਯਕੀਨ ਨਹੀਂ ਕਰ ਸਕਦਾ, ਕਿਉਂਕਿ 129 ਪੰਨਿਆਂ ਦੇ ਚੋਣ ਮਨੋਰਥ ਪੱਤਰ ‘ਚ ਵੱਡੇ ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰੀ ਤਰਾਂ ਲਾਗੂ ਨਹੀਂ ਕਰ ਸਕੇ ਅਤੇ ਹੁਣ ਨਾ ਕੇਵਲ ਪੰਜਾਬ ਦੇ ਲੋਕਾਂ ਸਗੋਂ ਖ਼ੁਦ ਕਾਂਗਰਸੀ ਵਿਧਾਇਕਾਂ ਦਾ ਆਪਣੀ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਅੱਜ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਈਲ ਫੋਨਾਂ ਨਾਲੋਂ ਵੀ ਵੱਧ ਅਧਿਆਪਕ ਅਮਲੇ ਦੀ ਜ਼ਰੂਰਤ ਹੈ। ਸੂਬੇ ਦੇ ਸਰਕਾਰੀ ਕਾਲਜਾਂ ‘ਚ ਲੈਕਚਰਾਰਾਂ ਦੀ 2 ਦਹਾਕਿਆਂ ਤੋਂ ਕੋਈ ਪੱਕੀ ਭਰਤੀ ਨਹੀਂ ਹੋਈ। ਦਰਜਨਾਂ ਸਕੂਲਾਂ ‘ਚ ਇੱਕ ਵੀ ਰੈਗੂਲਰ ਅਧਿਆਪਕ ਨਹੀਂ ਅਤੇ ਸੈਂਕੜੇ ਸਕੂਲ ਇੱਕ-ਅੱਧ ਅਧਿਆਪਕਾ ਦੇ ਸਿਰ ‘ਤੇ ਚੱਲ ਰਹੇ ਹਨ, ਜਿਸ ਦਾ ਖ਼ਮਿਆਜ਼ਾ ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਇੱਕ ਪਾਸੇ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ, ਦੂਜੇ ਪਾਸੇ ਹਜ਼ਾਰਾਂ ਬੀਐਡ-ਟੈਟ ਪਾਸ ਯੋਗ ਉਮੀਦਵਾਰ ਨੌਕਰੀਆਂ ਲਈ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸ ਲਈ ਸਰਕਾਰ ਆਪਣੇ ਘਰ-ਘਰ ਨੌਕਰੀ ਦੇ ਵਾਅਦੇ ‘ਤੇ ਅਮਲ ਕਰੇ ਅਤੇ ਇਨ੍ਹਾਂ ਯੋਗ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇਵੇ।
ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ‘ਚ ਵੀ ਸਰਕਾਰੀ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਲੋੜ ਹੈ।