best platform for news and views

800 ਹੋਰ ਪਟਵਾਰੀਆਂ ਦੀ ਭਰਤੀ ਜਲਦੀ ਕੀਤੀ ਜਾਵੇਗੀ: ਮਾਲ ਮੰਤਰੀ

Please Click here for Share This News

ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫ਼ਰਜ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜੇ.ਈਜ਼. ਦੀ ਭਰਤੀ ਪੀ.ਪੀ.ਐਸ.ਸੀ. ਰਾਹੀਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇ.ਈਜ਼. ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ।

ਇਸ ਸੰਖੇਪ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।

ਰੈਵੀਨਿਊ ਪਟਵਾਰੀਆਂ ਦੀਆਂ 1766 ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ ‘ਤੇ ਸ੍ਰੀ ਜਿੰਪਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਅਸਾਮੀਆਂ ਸਿਰਫ਼ ਇਕ ਸਾਲ ਲਈ ਠੇਕੇ ‘ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂਕਿ 1090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਮੁੱਖ ਮੰਤਰੀ ਵੱਲੋਂ ਜਲਦੀ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਇਸ ਮੌਕੇ ਅਟਾਰੀ ਤੋਂ ਵਿਧਾਇਕ ਸ੍ਰੀ ਜਸਵਿੰਦਰ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਹੈੱਡਕੁਆਰਟਰ ਸ੍ਰੀ ਈਸ਼ਵਰ ਦਾਸ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਸ ਖਬਰ ਸਬੰਧੀ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ ਜੀ

 

Please Click here for Share This News

Leave a Reply

Your email address will not be published. Required fields are marked *