Saturday, April 27Malwa News
Shadow

ਅੰਮ੍ਰਿਤਸਰ ਵਿਚ ਵਿਜੀਲੈਂਸ ਦਾ ਛਾਪਾ

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।