Saturday, January 25Malwa News
Shadow

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 7 ਸਤੰਬਰ : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਪਿੰਡ ਰੱਤਾ ਦੇ ਨੰਬਰਦਾਰ ਦਿਲਬਾਗ ਸਿੰਘ ਰਾਹੀਂ ਉਸ ਕੋਲੋਂ 50,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਤਹਿਸੀਲਦਾਰ ਨੂੰ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਰਿਸ਼ਵਤ ਲੈਣ ਤੋਂ ਬਾਅਦ ਤਹਿਸੀਲਦਾਰ ਨੇ ਰਿਸ਼ਵਤ ਦੀ ਰਕਮ ਆਪਣੇ ਡਰਾਈਵਰ ਨੂੰ ਦੇ ਦਿੱਤੀ ਸੀ, ਜਿਸ ਕਰਕੇ ਵਿਜੀਲੈਂਸ ਨੇ ਉਸਨੂੰ ਵੀ ਇਸ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Punjab Govt Add Zero Bijli Bill English 300x250