Tuesday, December 10Malwa News
Shadow

ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਨੂੰ ਆਪ’ ਆਗੂਆਂ ਨੇ ਦੱਸਿਆ ਦਲੇਰਾਨਾ ਤੇ ਕ੍ਰਾਂਤੀਕਾਰੀ

ਚੰਡੀਗੜ੍ਹ, 15 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ ਨੇ ਇੱਕ ਦਲੇਰਾਨਾ ਅਤੇ ਇਨਕਲਾਬੀ ਕਦਮ ਕਰਾਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਦੀ ਤਾਰੀਫ ਕਰਦਿਆਂ ਇਸ ਨੂੰ ਕ੍ਰਾਂਤੀਕਾਰੀ ਫੈਸਲਾ ਦੱਸਿਆ ਹੈ।  ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਅਰਵਿੰਦ ਜੀ ਦੀ ਸੋਚ ਨੂੰ ਸਲਾਮ! 

ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਮਾਨਦਾਰੀ ਦੇ ਨਾਂ ’ਤੇ ਹੀ ਉਨ੍ਹਾਂ ਨੂੰ ਵੋਟਾਂ ਪਾਉਣਗੇ।  ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਆਮ ਆਦਮੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਸਾਨੂੰ ਤੋੜ ਨਹੀਂ ਸਕੇ। ਕੋਈ ਹੋਰ ਪਾਰਟੀ ਹੁੰਦੀ ਤਾਂ ਹੁਣ ਤੱਕ ਟੁੱਟ ਚੁੱਕੀ ਹੁੰਦੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਇਹ ਵੱਡਾ ਫੈਸਲਾ ਲਿਆ ਹੈ। ਦੇਸ਼ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ‘ਤੇ ਝੂਠਾ ਕੇਸ ਬਣਾਇਆ ਸੀ। ਹੁਣ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਸਨ। 

ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਘਰੋਂ ਬਾਹਰ ਆਉਣਗੇ ਤਾਂ ਲੱਖਾਂ ਲੋਕ ਉਨ੍ਹਾਂ ਦੇ ਸਮਰਥਨ ਲਈ ਬਾਹਰ ਆਉਣਗੇ। ਦਿੱਲੀ ਦੇ ਲੋਕ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ। ਇਹ ਕੁਰਬਾਨੀ ਦੀ ਭਾਵਨਾ ਹੈ। ਉਨ੍ਹਾਂ ਲਈ ਮੁੱਖ ਮੰਤਰੀ ਦੀ ਕੁਰਸੀ ਨਹੀਂ ਸਗੋਂ ਦਿੱਲੀ ਦੀ ਜਨਤਾ ਪਿਆਰੀ ਹੈ। ਉਹ ਦਿੱਲੀ ਦੇ ਲੋਕਾਂ ਨੂੰ ਪਿਆਰ ਕਰਦੇ ਹਨ।

ਚੀਮਾ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਹੁਣੇ ਚਾਹੁਣ ਤਾਂ ਚੋਣ ਕਰਵਾ ਲੈਣ, ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਕੰਮ ਕੀਤਾ ਹੈ। ਆਉਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ, ਅੱਜ ਉਹਨਾਂ ਨੇ ਅਸਤੀਫਾ ਦੇ ਕੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਦਿੱਲੀ ਅਤੇ ਦੇਸ਼ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ। ਆਮ ਆਦਮੀ ਪਾਰਟੀ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਹੁਣ ਜਨਤਾ ਤੈਅ ਕਰੇਗੀ ਕਿ ਅਰਵਿੰਦ ਕੇਜਰੀਵਾਲ ਗੁਨਾਹਗਾਰ ਹਨ ਜਾਂ ਇਮਾਨਦਾਰ। ਇਹ ਵੱਡਾ ਫੈਸਲਾ ਹੈ। ਉਹ ਜਾਣਦੇ ਹਨ ਕਿ ਉਨ੍ਹਾਂ ਨੇ 10 ਸਾਲਾਂ ‘ਚ ਦਿੱਲੀ ਦਾ ਚਿਹਰਾ ਬਦਲ ਦਿੱਤਾ ਹੈ। 2013 ਵਿੱਚ ਉਨ੍ਹਾਂ ਬਜਟ ਨੂੰ 30,000 ਕਰੋੜ ਰੁਪਏ ਤੋਂ ਵਧਾ ਕੇ 75,000 ਕਰੋੜ ਰੁਪਏ ਕਰ ਦਿੱਤਾ।

ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ। ਔਰਤਾਂ ਲਈ ਪਾਣੀ, ਬਿਜਲੀ ਅਤੇ ਬੱਸ ਦਾ ਸਫ਼ਰ ਮੁਫ਼ਤ ਕੀਤਾ।  ਇਸ ਤੋਂ ਇਲਾਵਾ ਸਰਕਾਰੀ ਕੰਮਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਪੈਸੇ ਦੀ ਬਚਤ ਕੀਤੀ। ਉਨ੍ਹਾਂ ਦੇ ਅਸਤੀਫ਼ੇ ਦਾ  ਕਾਰਨ ਇਹ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਤੇ ਭਰੋਸਾ ਹੈ ਕਿ ਉਹ ਉਨ੍ਹਾਂ ਨੂੰ ਚੁਣਨਗੇ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਡੱਕੇ ਜਾ ਰਹੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਵੀ ਸੰਦੇਸ਼ ਦਿੱਤਾ ਹੈ ਕਿ ਉਹ ਜੇਲ੍ਹ ਜਾਣ ’ਤੇ ਅਸਤੀਫ਼ਾ ਨਾ ਦੇਣ, ਨਹੀਂ ਤਾਂ ਭਾਜਪਾ ਆਪਣਾ ਮੁੱਖ ਮੰਤਰੀ ਬਣਾ ਦੇਵੇਗੀ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਇੱਕ ਦਿਨ ਲਈ ਵੀ ਕੁਰਸੀ ਛੱਡਣਾ ਇੱਕ ਨੇਤਾ ਲਈ ਬਹੁਤ ਔਖਾ ਕੰਮ ਹੈ, ਅਜਿਹਾ ਕੰਮ ਕੋਈ ਇਮਾਨਦਾਰ ਵਿਅਕਤੀ ਹੀ ਕਰ ਸਕਦਾ ਹੈ। ਕੋਈ ਵੀ ਨੇਤਾ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਜਦੋਂ ਸੁਪਰੀਮ ਕੋਰਟ ਦਾ ਫੈਸਲਾ ਉਸ ਦੇ ਹੱਕ ‘ਚ ਆਇਆ ਹੋਵੇ ਤਾਂ ਉਹ ਅਸਤੀਫਾ ਨਹੀਂ ਦਿੰਦਾ, ਅਰਵਿੰਦ ਕੇਜਰੀਵਾਲ ਜੀ ਨੇ ਦਲੇਰੀ ਭਰਿਆ ਫੈਸਲਾ ਲਿਆ।

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਇਮਾਨਦਾਰ ਅਤੇ ਲੋਕਾਂ ਲਈ ਕੰਮ ਕਰਨ ਵਾਲੇ ਨੇਤਾ ਹਨ।  ਹੁਣ ਉਹ ਦਿੱਲੀ ਦੀ ਹਰ ਗਲੀ ਵਿੱਚ ਜਾ ਕੇ ਲੋਕਾਂ ਦੇ ਸਾਹਮਣੇ ਆਪਣਾ ਪੱਖ ਰੱਖਣਗੇ ਅਤੇ ਲੋਕਾਂ ਦੇ ਆਸ਼ੀਰਵਾਦ ਨਾਲ ਮੁੜ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ।  ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਨੇ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।ਅਰਵਿੰਦ ਕੇਜਰੀਵਾਲ ਨੇ ਚਿੱਠੀ ਲਿਖੀ ਸੀ, ਉਹ ਵੀ ਭਾਜਪਾ ਨੇ ਲੋਕਾਂ ਤੱਕ ਨਹੀਂ ਪਹੁੰਚਣ ਦਿੱਤੀ।