ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ ਤੋਂ ਬਾਹਰ ਆਉਂਦਿਆਂ ਹੀ ਅੱਜ ਪਹਿਲੇ ਦਿਨ ਹੀ ਐਲਾਨ ਕਰ ਦਿੱਤਾ ਹੈ ਕਿ ਦੋ ਦਿਨਾਂ ਬਾਅਦ ਉਹ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦੇਣਗੇ। ਮੁੱਖ ਮੰਤਰੀ ਕੇਜਰੀਵਾਲ ਦੇ ਇਸ ਐਲਾਨ ਨੂੰ ਆਪ ਆਗੂਆਂ ਵਲੋਂ ਇਕ ਦਲੇਰਾਨਾ ਕਦਮ ਦੱਸਿਆ ਜਾ ਰਿਹਾ ਹੈ।
ਅੱਜ ਨਵੀਂ ਦਿੱਲੀ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਐਲਾਨ ਕੀਤਾ ਕਿ ਦੋ ਦਿਨਾਂ ਤੱਕ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਉਦੋਂ ਤੱਕ ਮੁੜ ਆਹੁਦੇ ‘ਤੇ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਨੂੰ ਆਮ ਜਨਤਾ ਵਲੋਂ ਇਮਾਨਦਾਰੀ ਦਾ ਫਤਵਾ ਨਹੀਂ ਮਿਲ ਜਾਂਦਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜੇਲ ਵਿਚ ਬੰਦ ਕਰਕੇ ਸੋਚਿਆ ਹੋਵੇਗਾ ਕਿ ਉਸ ਨੂੰ ਡਰਾ ਲੈਣਗੇ, ਪਰ ਮੈਂ ਡਰਨ ਵਾਲਾ ਨਹੀਂ ਹਾਂ। ਕੇਜਰੀਵਾਲ ਨੇ ਐਲਾਨ ਕੀਤਾ ਕਿ ਉਹ ਲੋਕਾਂ ਦਾ ਫਤਵਾ ਲੈ ਕੇ ਹਟਣਗੇ। ਉਨ੍ਹਾਂ ਨੇ ਦਿੱਲੀ ਦੀ ਜਨਤਾ ਨੂੰ ਜੋ ਸਹੂਲਤਾਂ ਦਿੱਤੀਆਂ ਹਨ ਅਤੇ ਇਮਾਨਦਾਰ ਸਰਕਾਰ ਦਿੱਤੀ ਹੈ, ਦਿੱਲੀ ਦੇ ਲੋਕ ਇਸ ਨੂੰ ਕਿਸੇ ਵੀ ਹਾਲਤ ਵਿਚ ਭੁਲਾ ਨਹੀਂ ਸਕਦੇ।
ਦਿੱਲੀ ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇਣ ਪਿਛੋਂ ਅਰਵਿੰਦ ਕੇਜਰੀਵਾਲ ਅਗਲੇ 15 ਦਿਨਾਂ ਤੱਕ ਮੁੱਖ ਮੰਤਰੀ ਨਿਵਾਸ ਵੀ ਖਾਲੀ ਕਰ ਦੇਣਗੇ। ਕੇਜਰੀਵਾਲ ਨੇ ਐਲਾਨ ਕੀਤਾ ਕਿ ਅਗਲੇ ਕੁੱਝ ਦਿਨਾਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਬੈਠਕ ਹੋਵੇਗੀ ਅਤੇ ਨਵੇਂ ਆਗੂ ਦੀ ਚੋਣ ਕੀਤੀ ਜਾਵੇਗੀ। ਨਵੇਂ ਚੁਣੇ ਗਏ ਆਗੂ ਨੂੰ ਮੁੱਖ ਮੰਤਰੀ ਦੀ ਕੁਰਸੀ ਉੱਪਰ ਬਿਠਾਇਆ ਜਾਵੇਗਾ।