Saturday, January 25Malwa News
Shadow

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ੍ਹ, 13 ਸਤੰਬਰ: ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ।

ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ ‘ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ 7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

Punjab Govt Add Zero Bijli Bill English 300x250