Saturday, January 25Malwa News
Shadow

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬੁੱਧਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-10 ‘ਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟਿਆ ਗਿਆ ਸੀ ਅਤੇ ਚੰਡੀਗੜ੍ਹ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ, ਜਿਸ ਵਿੱਚ ਖੁਲਾਸਾ ਹੋਇਆ ਕਿ ਦੋ ਵਿਅਕਤੀ ਆਟੋ-ਰਿਕਸ਼ਾ ’ਤੇ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਉਥੇ ਇੱਕ ਘਰ ਵਿੱਚ ਹੈਂਡ ਗ੍ਰੇਨੇਡ ਸੁੱਟ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਅਨੁਸਾਰ ਉਕਤ ਘਟਨਾ ਵਿੱਚ ਵਰਤਿਆ ਗਿਆ ਹੈਂਡ ਗ੍ਰੇਨੇਡ ਮਿਲਟਰੀ ਗ੍ਰੇਡ ਦਾ ਹੈ ਜੋ ਆਈਐਸਆਈ ਦੀ ਮਦਦ ਨਾਲ ਡਰੋਨ ਰਾਹੀਂ ਸਰਹੱਦ ਪਾਰੋਂ ਪਹੁੰਚਾਇਆ ਗਿਆ ਸੀ। ਪੁਲਿਸ ਨੇ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰੋਹਨ, ਜੋ ਪਿਛਲੇ ਕੁਝ ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਕੰਮ ਕਰ ਰਿਹਾ ਸੀ, ਇੱਕੋ ਪਿੰਡ ਦੇ ਹੋਣ ਕਰਕੇ ਹੈਪੀ ਪਾਸੀਆ ਨੂੰ ਜਾਣਦਾ ਸੀ। ਹੈਪੀ ਪਾਸੀਆ ਨੇ ਵਿੱਤੀ ਮਦਦ ਦੇਣ ਦਾ ਵਾਅਦਾ ਕਰਦਿਆਂ ਰੋਹਨ ਨੂੰ ਹਮਲਾ ਕਰਨ ਲਈ ਕਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਰੋਹਨ ਨੇ ਗ੍ਰੇਨੇਡ ਧਮਾਕੇ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਹੈਪੀ ਪਾਸੀਆ ਦੇ ਕਹਿਣ ’ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਹੈਪੀ ਪਾਸੀਆਂ ਨੇ ਉਸਨੂੰ ਆਪਣੇ ਸਾਥੀਆਂ ਰਾਹੀਂ ਹੈਂਡ ਗ੍ਰੇਨੇਡ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਰੋਹਨ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਉਨ੍ਹਾਂ ਲਈ ਪੈਸੇ ਅਤੇ ਲੌਜਿਸਟਿਕਸ ਦਾ ਪ੍ਰਬੰਧ ਵੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਰੋਹਨ ਅਤੇ ਉਸ ਦਾ ਸਾਥੀ ਪਹਿਲਾਂ ਅੰਮ੍ਰਿਤਸਰ ਗਏ ਅਤੇ ਉਸ ਤੋਂ ਬਾਅਦ ਦੋਵੇਂ ਅੱਡੋ-ਅੱਡ ਹੋ ਗਏ। ਰੋਹਨ ਸ਼ੁਰੂ ਵਿੱਚ ਖੰਨਾ ਵਿੱਚ ਆਪਣੇ ਜਾਣ-ਪਛਾਣ ਵਾਲੇ ਕਿਸੇ ਵਿਅਕਤੀ ਕੋਲ ਗਿਆ ਸੀ ਪਰ ਫਿਰ ਅੰਮ੍ਰਿਤਸਰ ਵਾਪਸ ਆ ਗਿਆ ਕਿਉਂਕਿ ਉਸਨੇ ਅੱਗੇ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾਈ ਹੋਈ ਸੀ, ਜਿਸ ਦੌਰਾਨ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

ਏ.ਆਈ.ਜੀ. ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਇਹ ਦਹਿਸ਼ਤੀ ਮਾਡਿਊਲ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਕਿਉਂਕਿ ਇਸ ਸਮੂਹ ਨੇ ਪਿਛਲੇ ਸਾਲ ਵੀ ਉਹੀ ਸਥਾਨ ‘ਤੇ ਇਸੇ ਤਰ੍ਹਾਂ ਦੇ ਹਮਲੇ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਪੰਜਾਬ ਪੁਲਿਸ ਨੇ ਇਸ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਰਾਜਾ ਵਾਸੀ ਬਟਾਲਾ ਅਤੇ ਬਾਵਾ ਸਿੰਘ ਮਜੀਠਾ ਵਜੋਂ ਹੋਈ ਸੀ।

Punjab Govt Add Zero Bijli Bill English 300x250