ਚੰਡੀਗੜ੍ਹ : ਪੰਜਾਬ ਵਿਚ ਹੋ ਰਹੇ ਅਪਰਾਧਾਂ ਨੂੰ ਪੂਰੀ ਤਰਾਂ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਅਮਨ ਸ਼ਾਂਤੀ ਵਾਲੀ ਜ਼ਿੰਦਗੀ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਅਮਨ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਖਿਲਾਫ ਸਖਤੀ ਵਰਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 10 ਵਿਚ 11 ਸਤੰਬਰ ਨੂੰ ਹੋਏ ਧਮਾਕੇ ਦੇ ਤਾਰ ਪਾਕਿਸਾਨ ਨਾਲ ਜੁੜ ਰਹੇ ਹਨ।
ਪੁਲੀਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਕੀਤੀ ਗਈ ਪੁੱਛ ਪੜਤਾਲ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਘਟਨਾਂ ਦਾ ਮਾਸਟਰ ਮਾਂਈਂਡ ਹਰਿੰਦਰ ਸਿੰਘ ਰਿੰਦਾ ਹੈ, ਜੋ ਕਿ ਇਸ ਵੇਲੇ ਪਾਕਿਸਤਾਨ ਵਿਚ ਰਹਿ ਰਿਹਾ ਹੈ। ਉਸ ਨੇ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਹੈਪੀ ਪਾਸੀਆ ਰਾਹੀਂ ਚੰਡੀਗੜ੍ਹ ਵਿਚ ਧਮਾਕਾ ਕਰਵਾਇਆ ਹੈ। ਪੁਲੀਸ ਮੁਤਾਬਕ ਇਸ ਘਟਨਾਂ ਵਿਚ ਗ੍ਰਿਫਤਾਰ ਕੀਤੇ ਗਏ ਰੋਹਨ ਮਸੀਹ ਤੋਂ ਬਹੁਤ ਹੀ ਅਹਿਮ ਜਾਣਕਾਰੀ ਮਿਲੀ ਹੈ। ਰੋਹਨ ਮਸੀਹ ਨੂੰ ਗ੍ਰਿਫਤਾਰ ਕਰਨ ਪਿਛੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਦਾ 6 ਦਿਨਾਂ ਦਾ ਰਿਮਾਂਡ ਦਿੱਤਾ ਹੈ। ਹੁਣ ਪੁਲੀਸ ਵਲੋਂ ਗ੍ਰਿਫਤਾਰ ਵਿਅਕਤੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਖੰਨਾ ਤੋਂ ਵੀ ਕੁੱਝ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲੀਸ ਮੁਖੀ ਨੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਮਾੜੇ ਅਨਸਰ ਅਮਨ ਕਾਨੂੰਨ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਅਪਰਾਧੀ ਨਾਲ ਕੋਈ ਵੀ ਰਿਆਇਤ ਨਹੀਂ ਵਰਤੀ ਜਾਵੇਗੀ।