ਫਾਜਿ਼ਲਕਾ, 7 ਅਗਸਤ
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਗ੍ਰਾਮ ਪੰਚਾਇਤਾਂ ਦੀ ਜਮੀਨ ਠੇਕੇ ਤੇ ਲੈਕੇ ਖੇਤੀ ਕਰਨ ਵਾਲਿਆਂ ਨੇ ਜ਼ੇਕਰ ਇਸ ਸਾਲ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਕਿਸਾਨਾਂ ਨੂੰ ਅਗਲੇ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਉਹ ਮੁੜ ਤੋਂ ਪੰਚਾਇਤੀ ਜਮੀਨ ਠੇਕੇ ਤੇ ਨਹੀਂ ਲੈ ਸਕਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫਾਜਿ਼ਲਕਾ ਖੁਦ ਚੌਕਸੀ ਰੱਖਣ ਦੇ ਨਾਲ-ਨਾਲ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਗਾਮੀ ਸੀਜਨ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡ ਵਿਚ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਜਿੰਨ੍ਹਾਂ ਪੰਚਾਇਤਾਂ ਨੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਖਰੀਦ ਕੀਤੀਆਂ ਹਨ, ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮੁਹਈਆ ਕਰਵਾਈਆਂ ਜਾਣ।