Tuesday, November 5Malwa News
Shadow

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

 ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।

 ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ ‘ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ ਰੋਜ਼ਾਨਾ ਅਧਾਰ ‘ਤੇ ਰਿਪੋਰਟ ਦੇਣ ਲਈ ਕਿਹਾ।  ਉਨ੍ਹਾਂ ਸਪੱਸ਼ਟ ਕਿਹਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਸਮੇਤ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ।  ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਅਤੇ ਰੋਜ਼ਾਨਾ ਆਧਾਰ ‘ਤੇ ਰਿਪੋਰਟ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪਾਵਰਕੌਮ/ਪੀ.ਐਸ.ਟੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੇ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਬਿਜਲੀ ਚੋਰੀ ਵਿੱਚ ਸ਼ਾਮਲ ਪਾਏ ਗਏ ਤਾਂ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਰੈਂਕ ਦੇ ਅਧਿਕਾਰੀ ਨੂੰ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਨੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਟੀਮਾਂ ਨੂੰ ਉਨ੍ਹਾਂ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਅਤੇ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

 ਬਿਜਲੀ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਦੁਆਰਾ ਉਨ੍ਹਾਂ ਨੂੰ ਸੌਂਪੀਆਂ ਜਾਣ ਵਾਲੀਆਂ ਰਿਪੋਰਟਾਂ ਦਾ ਅਧਿਅਨ ਕਰਨਗੇ।  ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਲਾਉਣ ਅਤੇ ਐਫ.ਆਈ.ਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਬਿਜਲੀ ਚੋਰੀ ਭ੍ਰਿਸ਼ਟਾਚਾਰ ਤੋਂ ਘੱਟ ਨਹੀਂ ਹੈ, ਇਸ ਲਈ ਇਸ ਤਰ੍ਹਾਂ ਦੇ ‘ਭ੍ਰਿਸ਼ਟਾਚਾਰ’ ਵਿਚ ਸ਼ਾਮਲ ਕਿਸੇ ਨੂੰ ਵੀ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

 ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗਾਂ ਨੇ ਰਾਜ ਵਿੱਚ ਹਾਲ ਹੀ ਵਿੱਚ ਚਲਾਈਆਂ ਗਈਆਂ ਮੁਹਿੰਮਾਂ ਦੌਰਾਨ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਅਤੇ ਚੋਰੀਆਂ ਦਾ ਪਤਾ ਲਗਾਉਣ ਵਿੱਚ ਸ਼ਾਨਦਾਰ ਕੰਮ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 81,262 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ।  ਇਨ੍ਹਾਂ ਕੁਨੈਕਸ਼ਨਾਂ ‘ਚੋਂ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰਾਂ ‘ਤੇ ਲਗਭਗ 13.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

 ਜ਼ੋਨ-ਵਾਰ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ ਅੰਮ੍ਰਿਤਸਰ ਵਿੱਚ ਕੁੱਲ 27,285 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।  ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 989 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 3.01 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

 ਉਨ੍ਹਾਂ ਦੱਸਿਆ ਕਿ ਪੱਛਮੀ ਜ਼ੋਨ ਬਠਿੰਡਾ ਵਿੱਚ ਕੁੱਲ 6,079 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।  ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 872 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 3.03 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਬਿਜਲੀ ਮੰਤਰੀ ਨੇ ਦੱਸਿਆ ਕਿ ਉੱਤਰੀ ਜ਼ੋਨ ਜਲੰਧਰ ਵਿੱਚ ਕੁੱਲ 10,718 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।  ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 741 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 1.25 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਸੈਂਟਰਲ ਜ਼ੋਨ ਲੁਧਿਆਣਾ ਵਿੱਚ ਕੁੱਲ 10,699 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।  ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 707 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 2.43 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ ਪਟਿਆਲਾ ਵਿੱਚ ਕੁੱਲ 18,096 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।  ਇਨ੍ਹਾਂ ਕੁਨੈਕਸ਼ਨਾਂ ਵਿੱਚੋਂ 1,116 ਕੇਸਾਂ ਵਿੱਚ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ 2.47 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।