
ਚੰਡੀਗੜ੍ਹ : ਖਾਲਿਸਤਾਨੀ ਸਮਰੱਥਕ ਆਗੂ ਅਤੇ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਦੀ ਮੈਂਬਰੀ ‘ਤੇ ਇਕ ਵਾਰ ਫੇਰ ਸੁਆਲੀਆ ਚਿੰਨ ਲੱਗ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ।
ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨ ਐਸ ਏ ਅਧੀਨ ਆਸਾਮ ਦੀ ਦਿਬੜੂਗੜ ਜੇਲ ਵਿਚ ਬੰਦ ਹਨ। ਪਿਛਲੀਆਂ ਲੋਕ ਸਭਾ ਚੋਣਾ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਇਸੇ ਹਲਕੇ ਤੋਂ ਚੋਣ ਲੜਨ ਵਾਲੇ ਵਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ। ਵਿਕਰਮਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿਚ ਕਈ ਜਾਣਕਾਰੀਆਂ ਛੁਪਾਈਆਂ ਹਨ। ਇਸ ਲਈ ਉਸ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕੀਤੀ ਜਾਵੇ। ਹੁਣ ਹਾਈ ਕੋਰਟ ਨੇ ਇਸ ਮਾਮਲੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਪਾਸੋਂ ਜਵਾਬ ਮੰਗਿਆ ਹੈ। ਜੇਕਰ ਹਾਈ ਕੋਰਟ ਵਿਚ ਵਿਕਰਮਜੀਤ ਸਿੰਘ ਵਲੋਂ ਲਾਏ ਗਏ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਰੱਦ ਹੋ ਸਕਦੀ ਹੈ। ਇਸ ਲਈ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨੋਟਿਸ ਪਿਛੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰੀ ਸੁਆਲਾਂ ਦੇ ਘੇਰੇ ਵਿਚ ਆ ਗਈ ਹੈ।