Wednesday, February 19Malwa News
Shadow

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।
  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।
  ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

Basmati Rice Advertisment