Saturday, January 25Malwa News
Shadow

ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਸਤੰਬਰ: ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ ਤਾਂ ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਹੁਣ ਤੱਕ 5,534 ਸੀ.ਆਰ.ਐਮ ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 4,640 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਵੱਲੋਂ, 745 ਰਜਿਸਟਰਡ ਕਿਸਾਨ ਸਮੂਹਾਂ ਵੱਲੋਂ, 119 ਸਹਿਕਾਰੀ ਸਭਾਵਾਂ ਵੱਲੋਂ ਅਤੇ 30 ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇ਼ਨਜ਼ ਵੱਲੋਂ ਖਰੀਦੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਮਸ਼ੀਨਾਂ ਵਿੱਚ ਸੁਪਰ ਸੀਡਰ ਮਸ਼ੀਨਾਂ ਦੀ ਮੰਗ ਸਭ ਤੋਂ ਵੱਧ ਹੈ ਅਤੇ ਇਹਨਾਂ ਮਸ਼ੀਨਾਂ ਲਈ 4,945 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਜ਼ੀਰੋ ਟਿਲ ਡਰਿੱਲ ਲਈ 1,164 ਮਨਜ਼ੂਰੀ ਪੱਤਰ, ਹਾਈਡ੍ਰੌਲਿਕ ਰਿਵਰਸੀਬਲ ਐਮ.ਬੀ. ਪਲੌਅ ਲਈ 637, ਸਟਰਾਅ ਰੇਕ ਲਈ 630, ਬੇਲਿੰਗ ਮਸ਼ੀਨ ਲਈ 607 ਅਤੇ ਪੈਡੀ ਸਟਰਾਅ ਚੌਪਰ ਲਈ 591 ਮਨਜ਼ੂਰੀ ਪੱਤਰ ਜਾਰੀ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਸ਼ੀਨਾਂ ਲੈਸ ਕਰਨ ਅਤੇ ਹੋਰ ਰਣਨੀਤੀਆਂ ਲਾਗੂ ਕਰਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024-25 ਦੌਰਾਨ ਸਬਸਿਡੀ ‘ਤੇ ਵੱਖ-ਵੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲੈਣ ਲਈ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਵੱਲੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਰੀ ਤੱਕ ਪਹੁੰਚ ਆਸਾਨ ਕਰਨ ਲਈ ਸੂਬੇ ਭਰ ਵਿੱਚ 163 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀਜ਼) ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਆਰਐਮ ਮਸ਼ੀਨਾਂ ਮਿੱਟੀ ਦੀ ਗੁਣਵੱਤਾ ਅਤੇ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣ ਦੇ ਨਾਲ ਖੇਤਾਂ ਨੂੰ ਸੁਚੱਜੇ ਢੰਗ ਨਾਲ ਸਾਫ਼ ਕਰਨ ਵਿੱਚ ਕਿਸਾਨਾਂ ਦੀ ਸਹਾਇਤਾ ਕਰਕੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੀ.ਆਰ.ਐਮ ਮਸ਼ੀਨਾਂ ‘ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ। ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੀ.ਆਰ.ਐਮ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

Punjab Govt Add Zero Bijli Bill English 300x250