Saturday, November 8Malwa News
Shadow

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

ਅੰਮਿ੍ਰਤਸਰ 18 ਜੁਲਾਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

                ਇਨਾਂ ਸ਼ਬਦਾਂ ਦਾ ਪ੍ਰਗਟਾਵਾ  ਪੱਛਮੀ ਹਲਕੇ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪੋਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਲੋਕਾਂ ਦੀ ਸੁਵਿਧਾ ਲਈ ਚਾਲੂ ਰਹਿਣਗੇ।

                ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਵਿਧਾਇਕ ਡਾ. ਸੰਧੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਆਉਣ ਵਾਲੀਆਂ ਸਿ਼ਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨਾਂ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਦੱਸਿਆ ਕਿ ਹਰੇਕ ਵਿਧਾਨਸਭਾ ਹਲਕੇ ਵਿੱਚ ਹਰ ਹਫ਼ਤੇ ਦੋ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਐਸ.ਡੀ.ਐਮ. ਸ੍ਰੀ ਲਾਲ ਵਿਸ਼ਵਾਸ਼ ਨੇ ਦੱਸਿਆ ਕਿ ਇਸ ਕੈਂਪ ਵਿੱਚ 268 ਲੋਕਾਂ ਵਲੋਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਅਤੇ ਮੌਕੇ ਤੇ ਹੀ 67 ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ ਅਤੇ ਇਨਾਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਵੇਗਾ ਅਤੇ ਇਸਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।