
ਫਾਜ਼ਿਲਕਾ, 7 ਅਗਸਤ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਦੀ ਵਿਉਤਬੰਦੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਵੱਲੋਂ ਇਨ ਸੀਟੂ ਸਕੀਮ ਅਧੀਨ ਜ਼ਿਲ੍ਹਾ ਫਾਜ਼ਿਲਕਾ ‘ਚ ਨਿੱਜੀ ਕਿਸਾਨਾਂ, ਸਹਿਕਾਰੀ ਸਭਾਵਾਂ, ਰਜਿਸਟਰਡ ਕਿਸਾਨ ਗਰੁੱਪਾਂ, ਐਫ.ਪੀ.ਓ ਆਦਿ ਸਬਸਿਡੀ ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਨੂੰ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣ ਅਤੇ ਕਿਸਾਨਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬੰਦ ਕਰਕੇ ਇਸ ਦਾ ਯੋਗ ਤਰੀਕੇ ਨਾਲ ਨਿਬੇੜਾ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਖੇਤੀਬਾੜੀ ਅਫਸਰ ਮਮਤਾ, ਇਜ. ਕਮਲ ਗੋਇਲ, ਕੋਆਪਰੇਟਿਵ ਸੋਸਾਇਟੀ ਡਿ.ਰ ਸੋਨੂ ਮਹਾਜਨ ਅਤੇ ਹੋਰ ਅਧਿਕਾਰੀ ਮੌਜੂਦ ਸਨ।