Thursday, April 30Malwa News
Shadow

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

*ਚੰਡੀਗੜ੍ਹ, 6 ਮਾਰਚ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।