
ਫਾਜ਼ਿਲਕਾ 5 ਅਗਸਤ 2024….
ਸੁਤੰਤਰਤਾ ਦਿਵਸ ਸਮਾਗਮ ਰਵਾਇਤੀ ਸਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਇਹ ਸੁਤੰਤਰਤਾ ਦਿਵਸ ਸਮਾਗਮ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਮੇਲ ਹੋਣਾ ਚਾਹੀਦਾ ਹੈ ਅਤੇ ਇਸ ਸਮਾਗਮ ਨੂੰ ਵਧੀਆ ਤਰੀਕੇ ਨਾਲ ਕਰਨ ਦੇ ਲਈ ਸਮੂਹ ਵਿਭਾਗਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੁਲਿਸ, ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਆਰ.ਟੀ.ਏ, ਵਾਟਰ ਸਪਲਾਈ, ਬਿਜਲੀ ਬੋਰਡ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ ਦੇ ਪ੍ਰਮੁੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਲਈ ਕਿਹਾ ਤੇ ਹੁਣ ਤੱਕ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਮਨਾਏ ਜਾ ਰਹੇ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼-ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਉਨ੍ਹਾਂ ਵੱਲੋਂ ਆਪਣੇ ਪੱਧਰ ਤੇ ਤੁਰੰਤ ਰਿਹਰਸਲ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਮੌਕੇ ਸਟੇਡੀਅਮ ਤੇ ਆਸਫਵਾਲਾ ਸ਼ਹੀਦੀ ਸਮਾਰਕ ਦੀ ਸਾਫ-ਸਫਾਈ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡਾਕਟਰੀ ਟੀਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਤੇ ਰਿਫਰੈੱਸਮੈਂਟ ਦੀ ਸ਼ੁੱਧਤਾ ਚੈੱਕ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਪਾਰਕਿੰਗ, ਸੁਰੱਖਿਆ ਆਦਿ ਦੇ ਇੰਤਜ਼ਾਮ ਪੁਖ਼ਤਾ ਕਰਨ ਲਈ ਕਿਹਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਸਮਾਗਮ ਮੌਕੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਤੇ ਜਨਰੇਟਰ ਸੈੱਟ ਦਾ ਵੀ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ, ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ, ਡਾ. ਐਰਿਕ, ਸੁਪਰਡੈਂਟ ਪ੍ਰਦੀਪ ਗੱਖੜ, ਅਤੇ ਵਿਜੇ ਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।