Friday, November 7Malwa News
Shadow

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 18 ਜੁਲਾਈ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ  ਤਫ਼ਤੀਸ਼ ਜਾਰੀ ਹੈ