Saturday, November 8Malwa News
Shadow

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ।

ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ।