Tuesday, June 30Malwa News
Shadow

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ

ਰੂਪਨਗਰ, 30 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆੰਗਣਵਾੜੀ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜਿਆਦਾ ਹਾਸਲ ਕੀਤਾ ਗਿਆ।

ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ ‘ਤੇ ਵਿਸ਼ੇਸ਼ ਪ੍ਰਬੰਧ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ ‘ਤੇ ਨਹੀਂ ਆ ਸਕੇ ਸਨ। ਟੀਮਾਂ ਵੱਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਵੀ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ।

ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਹਿਲਾਂ ਹੀ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਸੀ ਅਤੇ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਕੁੱਲ 605 ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਡੇਰਿਆਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ 23 ਵਿਸ਼ੇਸ਼ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ।

ਰੂਪਨਗਰ ਜ਼ਿਲ੍ਹੇ ਦੇ ਤੀਸਰੇ ਦਿਨ ਬਲਾਕ ਕੀਰਤਪੁਰ ਸਾਹਿਬ ਵਿੱਚ 1082, ਬਲਾਕ ਭਰਤਗੜ੍ਹ ਵਿੱਚ 2469 ਬਲਾਕ ਨੂਰਪੁਰਬੇਦੀ ਵਿੱਚ 818 ਬਲਾਕ ਸ੍ਰੀ ਚਮਕੌਰ ਸਾਹਿਬ ਵਿੱਚ 1360 , ਰੂਪਨਗਰ ਸ਼ਹਿਰ ਵਿੱਚ 1404 ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਿੱਚ 571 ਨੰਗਲ ਸ਼ਹਿਰ ਵਿੱਚ 282 ਅਤੇ ਮੋਰਿੰਡਾ ਸ਼ਹਿਰ ਵਿੱਚ 847 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਡਾ. ਰਮਨ ਗੁਪਤਾ ਸਿਵਲ ਸਰਜਨ ਵੱਲੋਂ ਸਾਰੇ ਮਾਪਿਆਂ ਦਾ ਪਲਸ ਪੋਲੀਓ ਮੁਹਿੰਮ ਵਿੱਚ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੀਆਂ ਮੁਹਿੰਮਾਂ ਵਿੱਚ ਵੀ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ ‘ਤੇ ਪੋਲੀਓ ਦੀਆਂ ਬੂੰਦਾਂ ਪਿਲਵਾਉਣ ਅਤੇ ਪੋਲੀਓ ਮੁਕਤ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।