
ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਅਧਿਆਪਕਾਂ ਨਾਲ ਖੁਸਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰਅਨਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ। ਸ੍ਰ ਬੈਂਸ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸਰਕਾਰ ਦੀ ਇਹ ਬੇਨਤੀ ਪ੍ਰਵਾਨ ਕਰ ਲਈ ਹੈ ਅਤੇ ਅਗਲੀ ਭਰਤੀ ਤੱਕ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪਾਈ ਗਈ ਪੋਸਟ ਵਿਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਰੀਵਿਊ ਪਟੀਸ਼ਨ ਪਾਉਣ ਲਈ ਵੀ ਚਾਰਾਜੋਈ ਕਰ ਰਹੀ ਹੈ। ਇਸ ਸਬੰਧੀ ਸਰਕਾਰ ਵਲੋਂ ਪ੍ਰੋਸੈਸ ਜਾਰੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਉੱਚ ਪੱਧਰੀ ਸਿੱਖਿਆ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ।