
ਚੰਡੀਗੜ੍ਹ, 24 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ।
ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼ 1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ਆੜ੍ਹਤੀਏ, 5000 ਮਿੱਲਰ ਅਤੇ 500 ਲੇਬਰ ਅਤੇ ਟ੍ਰਾਂਸਪੋਰਟ ਠੇਕੇਦਾਰ ਰਜਿਸਟਰਡ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੋਰਟਲ `ਤੇ ਜੇ-ਫਾਰਮ ਵਿੱਚ ਮੰਡੀਆਂ ਵਿੱਚ ਲਿਆਂਦੀ ਗਈ ਫਸਲ ਦੇ ਨਾਮ, ਵੇਰਵੇ, ਮਾਤਰਾ, ਜ਼ਮੀਨ ਦੇ ਵੇਰਵਿਆਂ ਦੇ ਨਾਲ-ਨਾਲ ਫ਼ਸਲ ਦੀ ਬਿਜਾਈ ਸਬੰਧੀ ਵੇਰਵੇ ਵੀ ਉਪਲਬਧ ਹਨ।
ਖਰੀਦ ਪ੍ਰਣਾਲੀ ਦੀਆਂ ਹੋਰ ਵਿਸ਼ੇਸ਼ਤਾਵਾਂ ਵੱਲ ਧਿਆਨ ਦਿਵਾਉਂਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਕਿਸਾਨ ਦੀ ਫ਼ਸਲ ਖਰੀਦਣ ਦੇ 72 ਘੰਟਿਆਂ ਦੇ ਅੰਦਰ ਇਸਦੀ ਚੁਕਾਈ ਅਤੇ ਕਿਸਾਨਾਂ ਨੂੰ 48 ਘੰਟਿਆਂ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਅਦਾਇਗੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਵਿੱਚ ਆਨਲਾਈਨ ਗੇਟ ਪਾਸ ਦੇ ਨਾਲ-ਨਾਲ ਵਾਹਨ ਟਰੈਕਿੰਗ ਸਿਸਟਮ ਵੀ ਪੂਰੀ ਤਰ੍ਹਾਂ ਕੰਮ ਕਰ ਰਿਹਾ ਹੈ।
ਪੰਜਾਬ ਵਿੱਚ 14000 ਤੋਂ ਵੱਧ ਡਿੱਪੂ (ਐਫ.ਪੀ.ਐਸ.) ਹਨ ਜਿੱਥੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਨਤਕ ਵੰਡ ਪ੍ਰਣਾਲੀ ਅਧੀਨ ਲੋੜਵੰਦ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਵੰਡੀ ਜਾਂਦੀ ਹੈ। ਕਣਕ ਦੀ ਵੰਡ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਹਰੇਕ ਐਫ.ਪੀ.ਐਸ. ਨੂੰ ਈ-ਪੀਓਐਸ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸ੍ਰੀ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਜੋ ਕਿ ਮੌਜੂਦਾ ਝੋਨੇ ਦੇ ਸੀਜ਼ਨ ਵਿੱਚ 2389 ਰੁਪਏ ਪ੍ਰਤੀ ਕੁਇੰਟਲ ਹੈ, `ਤੇ ਯਕੀਨੀ ਬਣਾਈ ਜਾਂਦੀ ਹੈ।
ਸ੍ਰੀ ਜੀ.ਆਰ. ਅਨਿਲ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਨੇ ਸੂਬੇ ਵਿੱਚ ਆਏ ਭਾਰੀ ਹੜ੍ਹਾਂ ਦੇ ਬਾਵਜੂਦ ਲੋਕਾਂ ਦੀ ਚੜ੍ਹਦੀ ਕਲਾ ਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸ੍ਰੀ ਕਟਾਰੂਚੱਕ ਦੁਆਰਾ ਕੇਰਲ ਦੇ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।