Sunday, November 9Malwa News
Shadow

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ
         ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
  ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।