Sunday, September 20Malwa News
Shadow

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਚੰਡੀਗੜ੍ਹ, 4 ਫਰਵਰੀ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 16ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 4,628 ਗ੍ਰਿਫਤਾਰੀਆਂ  ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, 153 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 352 ਵਿਅਕਤੀਆਂ ਨੂੰ ਤਫ਼ਤੀਸ਼  ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 340ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ  135 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ, 2 ਕਿਲੋ ਅਫੀਮ, 804 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 340 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,634 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।