Thursday, June 19Malwa News
Shadow

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਸਤੰਬਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Basmati Rice Advertisment