ਪਟਿਆਲਾ, 2 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਪੰਜ ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਹੋਰ ਨੌਕਰੀਆਂ ਦੇਣ ਲਈ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ।
ਪਟਿਆਲਾ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 32 ਮਹੀਨਿਆਂ ਦੇ ਕਾਰਜਕਾਲ ਵਿਚ ਹੀ ਨੌਜਵਾਨਾਂ ਲਈ ਰਿਕਾਰਡ ਤੋੜ ਮੌਕੇ ਮੁਹਈਆ ਕਰਵਾ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਹਜਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਦੇਣ ਤੋਂ ਇਲਾਵਾ ਨੌਜਵਾਨਾਂ ਵਿਚ ਮਿਹਨਤ ਅਤੇ ਲਗਨ ਦਾ ਜਜ਼ਬਾ ਪੈਦਾ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰ ਵਿਭਾਗ ਵਿਚ ਨੌਕਰੀ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ‘ਤੇ ਦਿੱਤੀ ਜਾਂਦੀ ਹੈ।
ਨੌਜਵਾਨਾਂ ਨੂੰ ਪ੍ਰੇਰਨਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਸ਼ੌਰਟਕਟ ਰਸਤਾ ਕੋਈ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਪੈਰਾਸ਼ੂਟ ਰਾਹੀਂ ਉੱਤਰੇ ਬੰਦੇ ਕਦੇ ਵੀ ਜ਼ਿੰਦਗੀ ਵਿਚ ਕਾਮਯਾਬ ਨਹੀਂ ਹੁੰਦੇ। ਕਾਮਯਾਬੀ ਉਨ੍ਹਾਂ ਨੂੰ ਹੀ ਹਾਸਲ ਹੁੰਦੀ ਹੈ ਜੋ ਹਮੇਸ਼ਾਂ ਜ਼ਮੀਨ ਨਾਲ ਜੁੜੇ ਰਹਿੰਦੇ ਨੇ ਅਤੇ ਮਿਹਨਤ ਵਿਚ ਭਰੋਸਾ ਰੱਖਦੇ ਨੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਅਜਿਹਾ ਪ੍ਰਬੰਧ ਸਥਾਪਿਤ ਕੀਤਾ ਜਾ ਰਿਹਾ ਹੈ ਕਿ ਜਦੋਂ ਹੀ ਕਿਸੇ ਵਿਭਾਗ ਵਿਚ ਅਸਾਮੀਆਂ ਖਾਲੀ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਹੀ ਨਵੀਂ ਭਰਤੀ ਰਾਹੀਂ ਭਰ ਦਿੱਤਾ ਜਾਇਆ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ 32 ਮਹੀਨਿਆਂ ਦੀ ਕਾਰਗੁਜਾਰੀ ‘ਤੇ ਪੂਰੀ ਤਰਾਂ ਸੰਤੁਸ਼ਟੀ ਹੈ, ਕਿਉਂਕਿ ਪੰਜਾਬ ਦੇ ਲੋਕ ਸਾਡੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਕਈ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਹੁਣ ਸਰਕਾਰ ਵਲੋਂ ਪੰਜਾਬ ਵਿਚ ਮੈਡੀਕਲ ਸਿੱਖਿਆ ‘ਤੇ ਜੋਰ ਦਿੱਤਾ ਜਾਵੇਗਾ। ਉਨ੍ਹਾਂ ਨੇ ਯਕੀਨ ਪ੍ਰਗਟ ਕੀਤਾ ਕਿ ਜਲਦੀ ਹੀ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿਚ ਕਾਮਯਾਬੀ ਹਾਸਲ ਹੋਵੇਗੀ।