
ਫਰੀਦਕੋਟ 14 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਸਖਸ਼ੀਅਤ ਅਤੇ ਉੱਘੇ ਸਮਾਜਿਕ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰ ਬੀ.ਐਡ ਕਾਲਜ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ ਜਦਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਹਮੇਸ਼ਾ ਸਮਾਜਿਕ ਸੁਧਾਰ ਅਤੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਉਪਰੰਤ ਅਸੀਂ ਹਰ ਸਰਕਾਰੀ ਦਫ਼ਤਰ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾਈਆਂ ਹਨ ਤਾਂ ਜੋ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮਾਂ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਏਕਤਾ ਅਤੇ ਅਖੰਡਤਾ ਦੇ ਪ੍ਰਤੀਕ ਸਨ ਅਤੇ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਸੋਚ ‘ਤੇ ਅਮਲ ਕਰਨ ਅਤੇ ਪੰਜਾਬ ਦੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਪਛੜੇ ਵਰਗ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਸਮਾਜ ਵਿੱਚ ਸਤਿਕਾਰਯੋਗ ਸਥਾਨ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਛੇ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਇਤਿਹਾਸ ਰਚਿਆ ਹੈ ਅਤੇ ਇਸ ਭਾਈਚਾਰੇ ਨੂੰ ਬਣਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੀ ਰਾਖਵਾਂਕਰਨ ਨੀਤੀ ਲਾਗੂ ਕੀਤੀ ਗਈ ਹੈ ਅਤੇ ਪਛੜੇ ਵਰਗ ਦੀ ਭਲਾਈ ਲਈ ਹੋਰ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦੇ ਵੱਖ-ਵੱਖ ਭਾਈਚਾਰਿਆਂ, ਜਾਤਾਂ ਅਤੇ ਧਰਮਾਂ ਨੂੰ ਸੰਵਿਧਾਨ ਅਨੁਸਾਰ ਸਮਾਨਤਾ ਦਾ ਅਧਿਕਾਰ ਦੇ ਕੇ ਇੱਕ ਕਤਾਰ ਵਿੱਚ ਲਿਆਂਦਾ ਅਤੇ ਸਾਰੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ ਅਤੇ ਗਰੀਬ ਵਰਗ ਦੀ ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਵੀ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਸੰਵਿਧਾਨ ਪ੍ਰਤੀ ਵੱਡਮੁੱਲੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਪ੍ਰਤੀ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਪ੍ਰੋਗਰਾਮ ਦੀ ਸਫਲਤਾ ਲਈ ਸਾਰੇ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ।