
ਚੰਡੀਗੜ੍ਹ, 24 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਵਲੋਂ ਭਾਰਤੀ ਡਰਾਈਵਰਾਂ ਦੇ ਵੀਜੇ ਬੰਦ ਕਰਨ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਸ੍ਰੀ ਅਰੋੜਾ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਇਸ ਬਾਰੇ ਵਿਦੇਸ਼ ਮੰਤਰੀ ਨੂੰ ਚਾਹੀਦਾ ਹੈ ਕਿ ਤੁਰੰਤ ਅਮਰੀਕੀ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾਵੇ।
ਸ੍ਰੀ ਸੰਜੀਵ ਅਰੋੜਾ ਨੇ ਪੱਤਰ ਵਿਚ ਲਿਖਿਆ ਹੈ ਕਿ ਅਮਰੀਕਾ ਵਿਚ ਇਕ ਪੰਜਾਬੀ ਟਰੱਕ ਡਰਾਈਵਰ ਦੀ ਗਲਤੀ ਨਾਲ ਹੋਏ ਹਾਦਸੇ ਪਿਛੋਂ ਅਮਰੀਕਾ ਨੇ ਸਾਰੇ ਹੀ ਭਾਰਤੀ ਟਰੱਕ ਡਰਾਈਵਰਾਂ ਦੇ ਵੀਜ਼ੇ ਦਾ ਪ੍ਰੋਸੈਸ ਬੰਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਲਗਭਗ ਡੇਢ ਲੱਖ ਟਰੱਕ ਡਰਾਈਵਰ ਪ੍ਰਭਾਵਿਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਇਕ ਵਿਅਕਤੀ ਦੀ ਗਲਤੀ ਕਾਰਨ ਪੂਰੇ ਦੇਸ਼ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ। ਇਸ ਲਈ ਵਿਦੇਸ਼ ਮੰਤਰਾਲੇ ਨੂੰ ਤੁਰੰਤ ਅਮਰੀਕੀ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਹ ਫੈਸਲਾ ਵਾਪਸ ਲੈਣ ਲਈ ਦਬਾਅ ਪਾਉਣਾ ਚਾਹੀਦਾ ਹੈ।
