
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਤਜਵੀਜ ਰੱਖੀ ਹੈ ਅਤੇ ਇਸ ਮੁਆਵਜ਼ੇ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ। ਮੁੱਖ ਮੰਤਰੀ ਨੇ ਅੱਜ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਪੰਜਾਬ ਮੁਸ਼ਕਲ ਸਥਿੱਤੀ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਪੰਜਾਬੀ ਦੀ 60 ਹਜਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿਚ ਕਿਹਾ ਕਿ ਇਸ ਸਾਲ ਆਏ ਹੜ੍ਹਾਂ ਕਾਰਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਵੇਲੇ ਪੰਜਾਬ ਦੇ ਲੋਕ ਬਹੁਤ ਔਖੀ ਸਥਿੱਤੀ ਵਿਚੋਂ ਗੁਜ਼ਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਅਜਿਹੀ ਮੁਸ਼ਕਲ ਸਥਿੱਤੀ ਵਿਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰਾਂ ਦੀ ਸਹਾਇਤਾ ਮੁਹਈਆ ਕਰਵਾ ਰਹੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਣਦੀ ਸਹਾਇਤਾ ਕੀਤੀ ਜਾਵੇ ਅਤੇ ਪੰਜਾਬ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ, ਤਾਂ ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਫਸਲਾਂ ਦੇ ਨੁਕਸਾਨ ਲਈ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਨੇ ਇਸ ਮੁਆਵਜ਼ਾ ਰਾਸ਼ੀ ਲਈ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਹੈ। ਪੱਤਰ ਵਿਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਇਕ ਹਜਾਰ ਤੋਂ ਵੀ ਵੱਧ ਪਿੰਡਾਂ ਦੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।




