Saturday, November 8Malwa News
Shadow

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਚੰਡੀਗੜ੍ਹ, 3 ਸਤੰਬਰ:– ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ‘ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।

ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ ਅਤੇ ਸੂਬਾ ਸਰਕਾਰ ਆਪਣੇ ਨਾਗਰਿਕਾਂ ਅਤੇ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।