
ਚੰਡੀਗੜ੍ਹ, 9 ਸਤੰਬਰ : ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਸਿਲਸਲੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿਚ ਹੜ੍ਹਾਂ ਨਾਲ ਖਰਾਬ ਹੋਈਆਂ ਸੜਕਾਂ ਅਤੇ ਪੁਲਾ ਦੀ ਮੁਰੰਮਤ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਵਲੋਂ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੜ੍ਹਾਂ ਨਾਲ ਟੁੱਟੀਆਂ ਸੜਕਾਂ, ਪੁਲਾਂ ਅਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਲਈ ਪਹਿਲ ਦੇ ਆਧਾਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਦੀ ਮੁਸ਼ਕਲ ਸਥਿੱਤੀ ਵਿਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨਾ ਸਾਡਾ ਇਖਲਾਕੀ ਫਰਜ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਯਤਨ ਤਾਂ ਹੀ ਸੰਭਵ ਹੋ ਸਕਦੇ ਨੇ ਜੇਕਰ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਇਸ ਮੁਸ਼ਕਲ ਨਾਲ ਸਿੱਝਣ ਲਈ ਦਿਲੋਂ ਕੰਮ ਕਰਨ। ਇਸ ਮੌਕੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਅਧਿਕਾਰੀਆਂ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣ ਦਾ ਐਲਾਨ ਕੀਤਾ।