Sunday, September 21Malwa News
Shadow

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਬਟਾਲਾ, 21 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ ।

ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਨੂੰ ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।

ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੀ ਮਿਡਲੈਂਡ ਕਲੋਨੀ ਦੇ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰਾ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103, 61(2) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 165 ਮਿਤੀ 09.09.2025 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।