
*ਚੰਡੀਗੜ੍ਹ, 23 ਸਤੰਬਰ:*– ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ।
ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ।
ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਹਫ਼ਤੇ ਦੇ ਅੰਦਰ-ਅੰਦਰ ਇੱਕ ਸਮਰਪਿਤ ਵੱਟਸਐਪ ਹੈਲਪਲਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ। ਇਹ ਪਲੇਟਫਾਰਮ ਡਿਵੈਲਪਰਾਂ ਨੂੰ ਆਪਣੇ ਮੁੱਦਿਆਂ ਦੀ ਤੁਰੰਤ ਰਿਪੋਰਟ ਕਰਨ ਅਤੇ ਸਿੱਧੇ ਤੌਰ ‘ਤੇ ਫੌਰੀ ਸਹਾਇਤਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ ਜਿਸ ਨਾਲ ਉਨ੍ਹਾਂ ਨੂੰ ਜਿੱਥੇ ਤੁਰੰਤ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇਗੀ, ਉਥੇ ਫ਼ੌਰੀ ਸ਼ਿਕਾਇਤ ਨਿਵਾਰਣ ਵੀ ਯਕੀਨੀ ਬਣੇਗਾ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਡਿਵੈਲਪਰਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਸਿਰਫ਼ ਕਾਰੋਬਾਰ ਸਥਾਪਤ ਕਰਨ ਲਈ ਸੱਦੇ ਦੇਣ ਲਈ ਹੀ ਨਹੀਂ ਹੈ, ਸਗੋਂ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਚਲਵਾਉਣ ਵਿੱਚ ਮਦਦ ਕਰਨ ਲਈ ਵੀ ਸਰਗਰਮ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਅਤੇ ਇਸ ਖੇਤਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖੀ ਸੰਭਾਵਨਾਵਾਂ ਇਸ ਗੱਲ ‘ਤੇ ਨਿਰਭਰ ਕਰਦੀਆਂ ਹਨ ਕਿ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਘਟਾਇਆ ਜਾਵੇ। ਇਸ ਤਰ੍ਹਾਂ ਕਰਕੇ ਹੋਰ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ ਅਤੇ ਨਵਿਆਉਣਯੋਗ ਊਰਜਾ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇਗਾ।
ਇਸ ਮੌਕੇ ਪੇਡਾ ਦੀ ਚੇਅਰਪਰਸਨ ਡਾ. ਗੁਰਪ੍ਰੀਤ ਕੌਰ ਗੋਗੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਨੀਲਿਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।